ਬਰਨਾਲਾ, 5 ਮਈ (ਗੁਰਪ੍ਰੀਤ ਸਿੰਘ ਲਾਡੀ)-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਜ਼ਿਲ੍ਹਾ ਬਰਨਾਲਾ ਇਕਾਈ ਵਲੋਂ ਰਾਮਗੜ੍ਹੀਆ ਭਾਈਚਾਰੇ ਦੇ ਸਹਿਯੋਗ ਨਾਲ ਬਰਨਾਲਾ ਵਿਖੇ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਚੌਂਕ ਦਾ ਉਦਘਾਟਨ ਅਤੇ ਬੱੁਤ ਦੀ ਸਥਾਪਨਾ ਮਿਤੀ 7 ਮਈ ਨੂੰ ਸਵੇਰੇ 9 ਵਜੇ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸ਼ੰਟੀ ਨੇ ਦੱਸਿਆ ਕਿ ਚੌਂਕ ਦਾ ਉਦਘਾਟਨ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਅਤੇ ਲੋਕ ਸਭਾ ਮੈਂਬਰ ਹਲਕਾ ਸੰਗਰੂਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਜਾਵੇਗਾ | ਇਸ ਤੋਂ ਬਾਅਦ ਸਪਰਿੰਗ ਵਿੱਲਾ ਪੈਲੇਸ ਵਿਖੇ ਸਮਾਗਮ ਕਰਵਾਇਆ ਜਾਵੇਗਾ | ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਕੌਮੀ ਪ੍ਰਧਾਨ ਸ: ਹਰਦੇਵ ਸਿੰਘ ਕੌਂਸਲ ਅਤੇ ਸੂਬਾ ਪ੍ਰਧਾਨ ਸ: ਗੁਰਵਿੰਦਰ ਸਿੰਘ ਗਿੰਦਾ ਹੋਣਗੇ | ਉਨ੍ਹਾਂ ਸਮੂਹ ਰਾਮਗੜ੍ਹੀਆ ਪਰਿਵਾਰਾਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ |