ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ)-ਪਿੰਡ ਰਾਏਸਰ ਪੰਜਾਬ ਦੇ ਮਨਰੇਗਾ ਮਜ਼ਦੂਰਾਂ ਨੇ ਕੰਮ ਨਾ ਮਿਲਣ ਕਰ ਕੇ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਪੰਜਾਬ ਸਰਕਾਰ ਅਤੇ ਨਰੇਗਾ ਅਫ਼ਸਰਸ਼ਾਹੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੰਮ ਛੇਤੀ ਸ਼ੁਰੂ ਕਰਵਾਉਣ ਦੀ ਮੰਗ ਕੀਤੀ | ਮਨਰੇਗਾ ਕਾਮਿਆਂ ਨੇ ਦੋਸ਼ ਲਾਇਆ ਕਿ ਪਿਛਲੇ ਕਰੀਬ ਡੇਢ ਸਾਲ ਤੋਂ ਮਨਰੇਗਾ ਐਕਟ ਤਹਿਤ ਉਨ੍ਹਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਘਰੇਲੂ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ | ਭਾਈ ਲਾਲੋ ਪੰਜਾਬੀ ਮੰਚ ਦੇ ਸੂਬਾ ਆਗੂ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਸਰਕਾਰਾਂ ਵਲੋਂ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ | ਉਨ੍ਹਾਂ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਕਈ ਪਿੰਡਾਂ 'ਚ ਮਨਰੇਗਾ ਯੋਜਨਾ ਸਹੀ ਢੰਗ ਨਾਲ ਲਾਗੂ ਨਹੀਂ ਕੀਤੀ ਜਾ ਰਹੀ | ਜਿਸ ਕਰ ਕੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਅਨੁਸਾਰ ਕੰਮ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਕਿ ਖੇਤੀਬਾੜੀ ਦਾ ਸਾਰਾ ਮਸ਼ੀਨੀਕਰਨ ਹੋਣ ਕਰ ਕੇ ਪਿੰਡਾਂ ਦੇ ਮਜ਼ਦੂਰਾਂ ਕੋਲ ਰੋਜ਼ੀ-ਰੋਟੀ ਦਾ ਇਕੱਲਾ ਇਹੀ ਨਰੇਗਾ ਯੋਜਨਾ ਹੀ ਹੈ, ਪਰ ਸਮੇਂ ਦੇ ਹਾਕਮਾਂ ਵਲੋਂ ਇਸ ਦਾ ਨਾਂਅ ਬਦਲਣ ਫਿਰ ਫ਼ੰਡਾਂ 'ਚ ਕਟੌਤੀ ਕਰ ਕੇ ਇਸ ਨੂੰ ਯੋਜਨਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ | ਆਗੂ ਖ਼ਿਆਲੀ ਨੇ ਦੋਸ਼ ਲਾਇਆ ਕਿ ਮਜ਼ਦੂਰਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਜਾਂਦਾ ਹੈ, ਪਰ ਉਨ੍ਹਾਂ ਦੀਆਂ ਮੁੱਢਲੀਆਂ ਲੋੜਾਂ ਅੱਜ ਤੱਕ ਵੀ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ | ਮਜ਼ਦੂਰ ਆਗੂ ਨੇ ਸਪਸ਼ਟ ਕਿਹਾ ਕਿ ਜੇਕਰ ਬਲਾਕ ਮਹਿਲ ਕਲਾਂ ਦੇ ਸਾਰੇ ਪਿੰਡਾਂ 'ਚ ਮਨਰੇਗਾ ਹੇਠ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਮਜ਼ਦੂਰਾਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਮਜ਼ਦੂਰ ਆਗੂ ਜਸਵੀਰ ਕੌਰ, ਜਸਵਿੰਦਰ ਕੌਰ, ਰਾਣੀ ਕੌਰ, ਪਿਆਰਾ ਸਿੰਘ, ਜਗਸੀਰ ਸਿੰਘ, ਬਲਜਿੰਦਰ ਸਿੰਘ, ਰਾਣੂ ਕੌਰ, ਜਸਬੀਰ ਕੌਰ, ਭਜਨ ਕੌਰ, ਮਨਜੀਤ ਕੌਰ, ਕੁਲਵੰਤ ਕੌਰ, ਹਰਬੰਸ ਕੌਰ, ਸਿਮਰਜੀਤ ਕੌਰ ਅਤੇ ਹੋਰ ਮਜ਼ਦੂਰਾਂ ਨੇ ਆਪਣੀ ਹੱਡ ਬੀਤੀ ਬਿਆਨ ਕਰਦਿਆਂ ਕਿਹਾ ਕਿ ਡੇਢ ਸਾਲ ਤੋਂ ਕੰਮ ਨਾ ਮਿਲਣ ਕਾਰਨ ਉਹ ਭੁੱਖੇ ਢਿੱਡ ਸੰਘਰਸ਼ ਲਈ ਮਜਬੂਰ ਹੋਏ ਹਨ | ਇਸ ਮੌਕੇ ਏ.ਪੀ.ਓ. ਰਮਨਦੀਪ ਕੌਰ, ਬੂਟਾ ਸਿੰਘ, ਰਣਜੀਤ ਸਿੰਘ ਅਤੇ ਕੁਲਦੀਪ ਸਿੰਘ ਨੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਵਾਇਆ ਕਿ ਮੰਗਲਵਾਰ ਤੱਕ ਮਸਟਰੋਲ ਜਾਰੀ ਕਰ ਕੇ ਮਜ਼ਦੂਰਾਂ ਨੂੰ ਪਹਿਲ ਦੇ ਆਧਾਰ 'ਤੇ ਕੰਮ ਦਿੱਤਾ ਜਾਵੇਗਾ | ਅਧਿਕਾਰੀਆਂ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਮਜ਼ਦੂਰਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ |