ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਅਜਿਹੇ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਜੋ ਮੋਟਰ ਵਹੀਕਲ ਐਕਟ 1988 ਅਨੁਸਾਰ ਸੜਕਾਂ 'ਤੇ ਚੱਲਣਯੋਗ ਨਹੀਂ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਧਿਆਨ ਵਿਚ ਆਇਆ ਹੈ ਕਿ ਕਈ ਅਜਿਹੇ ਵਾਹਨ ਆਮ ਸੜਕਾਂ 'ਤੇ ਚਲਾਏ ਜਾ ਰਹੇ ਹਨ ਜੋ ਸਰਕਾਰੀ ਨਿਯਮਾਂ ਅਤੇ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਦੇ ਹਨ | ਇਨ੍ਹਾਂ ਵਾਹਨਾਂ ਕਾਰਨ ਨਾ ਸਿਰਫ਼ ਪ੍ਰਦੂਸ਼ਣ ਵਿਚ ਵਾਧਾ ਹੋ ਰਿਹਾ ਹੈ, ਸਗੋਂ ਕਈ ਵਾਰ ਗੰਭੀਰ ਸੜਕ ਦੁਰਘਟਨਾਵਾਂ ਵੀ ਵਾਪਰਦੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ, ਜਾਨ-ਮਾਲ ਅਤੇ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਕਈ ਵਾਰ ਲੜਾਈ-ਝਗੜਿਆਂ ਵਰਗੀਆਂ ਘਟਨਾਵਾਂ ਵੀ ਵਾਪਰਦੀਆਂ ਹਨ | ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਅਜਿਹੇ ਵਾਹਨ ਨੂੰ ਸੜਕਾਂ, ਪ੍ਰਾਈਵੇਟ ਮਾਰਕੀਟਾਂ ਜਾਂ ਹੋਰ ਜਨਤਕ ਥਾਵਾਂ 'ਤੇ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ, ਜੋ ਮੋਟਰ ਵਹੀਕਲ ਐਕਟ 1988 ਤਹਿਤ ਬਣੇ ਨਿਯਮਾਂ ਅਨੁਸਾਰ ਚੱਲਣ ਯੋਗ ਨਹੀਂ ਹਨ | ਇਹ ਹੁਕਮ 11 ਜੁਲਾਈ ਤੱਕ ਜ਼ਿਲ੍ਹਾ ਬਰਨਾਲਾ ਅੰਦਰ ਲਾਗੂ ਰਹਿਣਗੇ |