ਬਰਨਾਲਾ, 16 ਮਈ (ਨਰਿੰਦਰ ਅਰੋੜਾ)-ਬਰਨਾਲਾ ਨਗਰ ਨਿਗਮ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾ ਰਹੇ ਹਨ | ਇਸੇ ਦੌਰਾਨ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵਲੋਂ ਵੀ ਕਈ ਵਾਰਡਾਂ ਵਿਚ ਆਜ਼ਾਦ ਤੌਰ 'ਤੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਹੀ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਫ਼ਤਵਾ ਦੇ ਕੇ ਕੌਂਸਲਰ ਬਣਾਉਣ | ਉਨ੍ਹਾਂ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਵੀ ਇਕ ਵੱਡਾ ਬਦਲਾਅ ਹੈ ਕਿ ਲੰਬੇ ਸਮੇਂ ਤੋਂ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਚੋਣਾਂ ਈ.ਵੀ.ਐਮ ਮਸ਼ੀਨਾਂ ਰਾਹੀਂ ਹੋ ਰਹੀਆਂ ਸਨ, ਪਰ ਹੁਣ ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਨਤੀਜੇ ਐਲਾਨਣ ਵਿਚ ਵੀ ਦੋ ਦਿਨ ਦਾ ਸਮਾਂ ਲਾਇਆ ਜਾ ਰਿਹਾ ਹੈ, ਜੋ ਬਹੁਤ ਮੰਦਭਾਗੀ ਗੱਲ ਹੈ | ਬਾਠ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਆ ਕੇ ਕਿਸੇ ਕਿਸਮ ਦੀ ਧੱਕੇਸ਼ਾਹੀ ਨਾ ਕੀਤੀ ਜਾਵੇ ਅਤੇ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ | ਗੁਰਦੀਪ ਸਿੰਘ ਬਾਠ ਨੇ ਦਾਅਵਾ ਕੀਤਾ ਕਿ ਕਈ ਵਾਰਡ ਅਜਿਹੇ ਹਨ ਜਿੱਥੇ 'ਆਪ' ਪਾਰਟੀ ਨੂੰ ਉਮੀਦਵਾਰ ਹੀ ਨਹੀਂ ਮਿਲੇ | ਉਨ੍ਹਾਂ ਕਿਹਾ ਕਿ 'ਆਪ' ਦੀ ਹਾਰ ਨਿਸ਼ਚਿਤ ਹੈ ਅਤੇ ਜੇਕਰ ਧੱਕੇਸ਼ਾਹੀ ਕੀਤੀ ਜਾਂਦੀ ਹੈ ਤਾਂ ਇਹ ਲੋਕਤੰਤਰ ਦਾ ਘਾਣ ਹੋਵੇਗਾ |