ਤਪਾ ਮੰਡੀ, 20 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸਹਿਤ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐੱਸ ਦੇ ਨਿਰਦੇਸ਼ਾਂ ਤਹਿਤ ਹਫ਼ਤਾਵਾਰੀ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਢਿਲਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਕੈਂਪ ਲਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਇਲਾਕਾ ਵਾਸੀਆਂ ਨੇ ਪੁੱਜ ਕੇ ਲਾਭ ਲਿਆ | ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਬਰਨਾਲਾ ਵਲੋਂ ਸਿਹਤ ਸੇਵਾਵਾਂ ਖ਼ਾਸ ਕਰ ਕੇ ਅੱਖਾਂ ਦੀ ਸਕਰੀਨਿੰਗ, ਜਨਰਲ ਸਿਹਤ ਜਾਂਚ ਅਤੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਘਰਾਂ ਦੇ ਨੇੜੇ ਮੁਹੱਈਆ ਕਰਾਉਣ ਲਈ ਪਿੰਡਾਂ ਵਿਚ ਲੋਕ ਸੇਵਾ ਕੈਂਪਾਂ ਦੀ ਪਹਿਲਕਦਮੀ ਕੀਤੀ ਗਈ ਹੈ | ਅੱਜ ਪਿੰਡ ਢਿਲਵਾਂ ਵਿਚ ਅੱਖਾਂ ਦੀ ਸਕਰੀਨਿੰਗ, ਮੁਫ਼ਤ ਐਨਕਾਂ, ਮੁਫ਼ਤ ਦਵਾਈਆਂ ਤੋਂ ਇਲਾਵਾ ਸੇਵਾ ਕੇਂਦਰ ਦੀਆਂ ਸੇਵਾਵਾਂ ਲਈ ਅਪਲਾਈ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਸਕੱਤਰ ਸਰਵਣ ਸਿੰਘ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਸਿਹਤ ਸੇਵਾਵਾਂ ਅਤੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲਈਆਂ | ਇਸ ਮੌਕੇ ਗੁਰਜੰਟ ਸਿੰਘ ਵਾਸੀ ਢਿੱਲਵਾਂ ਨੇ ਦੱਸਿਆ ਕਿ ਉਸ ਨੇ ਕਿਰਤ ਵਿਭਾਗ ਦੇ ਕਾਰਡ ਲਈ ਅਪਲਾਈ ਕੀਤਾ ਹੋਇਆ ਸੀ ਅਤੇ ਅੱਜ ਇਸ ਕੈਂਪ 'ਚ ਉਸ ਦਾ ਲੇਬਰ ਕਾਰਡ ਬਣ ਗਿਆ | ਉਨ੍ਹਾਂ ਕਿਹਾ ਕਿ ਇਹ ਕੈਂਪ ਪਿੰਡਾਂ ਦੇ ਲੋਕਾਂ ਲਈ ਬਹੁਤ ਚੰਗਾ ਉਪਰਾਲਾ ਹਨ ਕਿਉਂਕਿ ਪਿੰਡਾਂ ਦੇ ਲੋਕਾਂ ਨੂੰ ਦੂਰ ਦੁਰਾਡੇ ਕੰਮ ਕਰਵਾਉਣ ਜਾਣ ਵਿਚ ਦਿੱਕਤ ਪੇਸ਼ ਆਉਂਦੀ ਹੈ | ਉਸ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਉਪਰਾਲੇ ਲਈ ਧੰਨਵਾਦ ਕੀਤਾ |