ਮਹਿਲ ਕਲਾਂ, 20 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਖ਼ਜ਼ਾਨਚੀ ਜਸਵਿੰਦਰ ਸਿੰਘ ਛੀਨੀਵਾਲ, ਜਨਰਲ ਸਕੱਤਰ ਅਮਰਜੀਤ ਸਿੰਘ ਭੋਲਾ, ਸਕੱਤਰ ਡਾ: ਸੁਖਦੀਪ ਸਿੰਘ ਗਿੱਲ ਨੇ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਲੜਾਈ ਲਈ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਵੱਡੇ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਪੰਜਾਬ ਦੀ ਉਪਜਾਊ ਜ਼ਮੀਨ ਕੌਡੀਆਂ ਦੇ ਭਾਅ ਅਕਵਾਇਰ ਕਰ ਕੇ ਕੰਪਨੀਆਂ ਦੇ ਹਵਾਲੇ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦਾ ਭਵਿੱਖ ਖ਼ਤਰੇ ਵਿਚ ਪੈ ਗਿਆ ਹੈ | ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਖੇਤੀ ਦੀ ਲਾਗਤ ਨੂੰ ਕਈ ਗੁਣਾ ਵਧਾ ਦਿੱਤਾ ਹੈ ਅਤੇ ਕਿਸਾਨ ਆਰਥਿਕ ਤੌਰ 'ਤੇ ਕਮਜ਼ੋਰ ਹੋ ਰਹੇ ਹਨ | ਆਗੂਆਂ ਨੇ ਚੰਡੀਗੜ੍ਹ ਵਿਖੇ ਕਿਸਾਨਾਂ ਉੱਤੇ ਕੀਤੇ ਲਾਠੀਚਾਰਜ ਅਤੇ ਹੰਝੂ ਗੈਸ ਛੱਡਣ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਨਾਲ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਸਨ | ਆਗੂਆਂ ਨੇ ਕਿਸਾਨਾਂ ਨੂੰ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਸਰਬਜੀਤ ਸਿੰਘ ਸਹੌਰ, ਡਾ: ਲਖਵੀਰ ਸਿੰਘ, ਜਗਦੇਵ ਸਿੰਘ, ਨਾਜਰ ਸਿੰਘ ਛਾਪਾ, ਜਸਪਾਲ ਸਿੰਘ, ਕੁਲਵੰਤ ਸਿੰਘ ਸਹੌਰ, ਮਹਿੰਦਰ ਸਿੰਘ, ਅਵਤਾਰ ਸਿੰਘ ਬਿੱਲੂ, ਸਰਬਜੀਤ ਸਿੰਘ, ਸੇਵਾ ਸਿੰਘ ਛਾਪਾ, ਮਨਜੀਤ ਸਿੰਘ, ਗੁਰਬਚਨ ਸਿੰਘ ਆਦਿ ਹਾਜ਼ਰ ਸਨ |