ਬਰਨਾਲਾ, 28 ਮਈ (ਗੁਰਪ੍ਰੀਤ ਸਿੰਘ ਲਾਡੀ)-ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਮਿਤੀ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਵੋਟਾਂ ਦੀ ਗਿਣਤੀ ਵੱਖ-ਵੱਖ ਗਿਣਤੀ ਕੇਂਦਰਾਂ 'ਤੇ ਹੋਵੇਗੀ | ਇਸੇ ਤਹਿਤ ਅੱਜ ਰਿਟਰਨਿੰਗ ਅਫ਼ਸਰ ਬਰਨਾਲਾ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਵਲੋਂ ਐਸ.ਡੀ. ਕਾਲਜ ਆਫ਼ ਫਾਰਮੇਸੀ ਵਿਚ ਨਿਗਮ ਚੋਣਾਂ ਲਈ ਬਣੇ ਗਿਣਤੀ ਕੇਂਦਰ 'ਚ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਦੀ ਮੌਜੂਦਗੀ 'ਚ ਗਿਣਤੀ ਅਮਲੇ ਦੀ ਰਿਹਰਸਲ ਹੋਈ | ਇਸ ਮੌਕੇ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਨਗਰ ਨਿਗਮ ਦੇ 48 ਵਾਰਡਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਣੀ ਹੈ | ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਅੰਦਰ ਮੋਬਾਈਲ ਫ਼ੋਨ ਲਿਜਾਣ 'ਤੇ ਪੂਰਨ ਪਾਬੰਦੀ ਰਹੇਗੀ | ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਗਿਣਤੀ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਗਿਣਤੀ ਪ੍ਰਕਿਰਿਆ ਦੀ ਨਿਗਰਾਨੀ ਲਈ ਅਬਜ਼ਰਵਰ ਵੀ ਨਿਯੁਕਤ ਕੀਤੇ ਹੋਏ ਹਨ |