ਮਹਿਲ ਕਲਾਂ, 1 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਨੇ ਸਥਾਨਕ ਚੋਣਾਂ ਦੇ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਹਰਮਨ ਪਿਆਰਤਾ ਨਹੀਂ, ਬਲਕਿ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ, ਧੱਕੇਸ਼ਾਹੀ ਅਤੇ ਵਿਰੋਧੀ ਉਮੀਦਵਾਰਾਂ ਨੂੰ ਡਰਾਉਣ-ਧਮਕਾਉਣ ਦਾ ਨਤੀਜਾ ਹਨ, ਜੋ ਲੋਕਤੰਤਰ ਲਈ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਫ਼ੈਸਲੇ ਦਾ ਸਤਿਕਾਰ ਕਰਦੀ ਹੈ, ਪਰ ਚੋਣਾਂ ਵਿਚ ਹੋਈਆਂ ਬੇਨਿਯਮੀਆਂ ਅਤੇ ਪ੍ਰਸ਼ਾਸਨਿਕ ਪੱਖਪਾਤ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਅਜਿਹੇ ਹੱਥਕੰਡਿਆਂ ਨਾਲ ਜਨਤਾ ਦਾ ਲੋਕਤੰਤਰ 'ਤੇ ਵਿਸ਼ਵਾਸ ਕਮਜ਼ੋਰ ਹੁੰਦਾ ਹੈ | ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੱਜ ਬੇਰੁਜ਼ਗਾਰੀ, ਨਸ਼ਾਖੋਰੀ, ਵਧਦੇ ਕਰਜ਼ੇ, ਖੇਤੀਬਾੜੀ ਸੰਕਟ, ਉਦਯੋਗਾਂ ਦੇ ਪਲਾਇਨ ਅਤੇ ਕਾਨੂੰਨ-ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਪਰ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਰਾਜਨੀਤਿਕ ਲਾਭ ਲਈ ਸਰਕਾਰੀ ਸਾਧਨਾਂ ਦੀ ਵਰਤੋਂ ਕਰ ਰਹੀ ਹੈ | ਸੰਮੀ ਠੁੱਲੀਵਾਲ ਨੇ ਦੁਹਰਾਇਆ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਜਨਤਾ ਦੇ ਅਧਿਕਾਰਾਂ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਸੂਬੇ ਦੇ ਲੋਕ ਆਉਣ ਵਾਲੇ ਸਮੇਂ ਵਿਚ ਇਸ ਲੋਕ-ਵਿਰੋਧੀ ਨੀਤੀ ਦਾ ਜਵਾਬ ਲੋਕਤੰਤਰਿਕ ਤਰੀਕੇ ਨਾਲ ਦੇਣਗੇ |