ਤਪਾ ਮੰਡੀ, 1 ਜੂਨ (ਪ੍ਰਵੀਨ ਗਰਗ)-ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੱਦੇ 'ਤੇ ਅੱਜ ਤਪਾ ਵਿਖੇ 'ਮਹਿੰਗਾਈ ਰੋਕੋ, ਰੁਜ਼ਗਾਰ ਦਿਓ' ਦੇ ਨਾਅਰੇ ਹੇਠ ਮਜ਼ਦੂਰਾਂ ਨੇ ਰੈਲੀ ਕਰ ਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ | ਰੈਲੀ ਦੌਰਾਨ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਹਿੰਗਾਈ, ਬੇਰੁਜ਼ਗਾਰੀ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚੇ ਦੇ ਸੂਬਾ ਆਗੂ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨੇ ਆਮ ਲੋਕਾਂ ਅਤੇ ਮਜ਼ਦੂਰ ਵਰਗ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਖਾਣ-ਪੀਣ ਦੀਆਂ ਵਸਤਾਂ, ਸਬਜ਼ੀਆਂ, ਦਾਲਾਂ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕੀਮਤਾਂ ਵਿਚ ਵੀ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਮਜ਼ਦੂਰ ਪਰਿਵਾਰਾਂ ਲਈ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰਨਾ ਮੁਸ਼ਕਲ ਹੋ ਗਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹਨ | ਇਸ ਮੌਕੇ ਮਜ਼ਦੂਰ ਆਗੂ ਜੁਗਰਾਜ ਸਿੰਘ ਤਾਜੋਕੇ ਅਤੇ ਨਾਨਕ ਸਿੰਘ ਤਪਾ ਨੇ ਕਿਹਾ ਕਿ ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਦੋਹਰੇ ਸੰਕਟ ਕਾਰਨ ਮਜ਼ਦੂਰਾਂ ਦੀ ਜ਼ਿੰਦਗੀ ਦਿਨੋ-ਦਿਨ ਹੋਰ ਅÏਖੀ ਹੁੰਦੀ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਰੁਜ਼ਗਾਰ ਦੇ ਮੌਕੇ ਪੈਦਾ ਕਰੇ, ਮਹਿੰਗਾਈ 'ਤੇ ਕਾਬੂ ਪਾਵੇ ਅਤੇ ਮਜ਼ਦੂਰ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰੇ | ਰੈਲੀ ਨੂੰ ਸ਼ਿੰਗਾਰਾ ਸਿੰਘ ਚੌਹਾਨ, ਕੇ.ਪਾਲ ਕੌਰ ਤਾਜੋਕੇ, ਸਰਬਜੀਤ ਕੌਰ ਖੰਡੇ, ਜਸਪਾਲ ਸਿੰਘ ਪੱਖੋ ਕਲਾਂ ਅਤੇ ਗੁਰਜੰਟ ਸਿੰਘ ਢਿਲਵਾਂ ਸਮੇਤ ਹੋਰ ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਦੀਆਂ ਮੁੱਖ ਮੰਗਾਂ ਮਹਿੰਗਾਈ 'ਤੇ ਤੁਰੰਤ ਕਾਬੂ ਪਾਇਆ ਜਾਵੇ, ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਈਆਂ ਜਾਣ, ਮਜ਼ਦੂਰਾਂ ਨੂੰ ਪੱਕਾ ਅਤੇ ਯੋਗ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ, ਮਜ਼ਦੂਰ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ, ਗ਼ਰੀਬ ਅਤੇ ਮਜ਼ਦੂਰ ਪਰਿਵਾਰਾਂ ਨੂੰ ਜ਼ਰੂਰੀ ਵਸਤਾਂ ਵਾਜਬ ਕੀਮਤਾਂ 'ਤੇ ਉਪਲਬਧ ਕਰਵਾਈਆਂ ਜਾਣ |