ਟੱਲੇਵਾਲ, 1 ਜੂਨ (ਸੋਨੀ ਚੀਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਕਾਰਨ ਦੇਸ਼ ਦੇ ਆਮ ਲੋਕ ਮਹਿੰਗਾਈ ਦੀ ਭਾਰੀ ਮਾਰ ਹੇਠ ਪਿਸ ਰਹੇ ਹਨ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ ਦੀ ਆਰਥਿਕ ਹਾਲਤ ਦਿਨੋ-ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ | ਇਹ ਸ਼ਬਦ ਕਮਲਜੀਤ ਸਿੰਘ ਚੱਕ ਸੀਨੀਅਰ ਆਗੂ ਪੰਜਾਬ ਪ੍ਰਦੇਸ਼ ਕਾਂਗਰਸ ਨੇ ਗੱਲਬਾਤ ਦੌਰਾਨ ਆਖੇ | ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਣ ਵਾਲਾ ਹਰ ਵਾਧਾ ਸਿੱਧੇ ਤੌਰ 'ਤੇ ਆਮ ਆਦਮੀ ਦੀ ਜੇਬ 'ਤੇ ਅਸਰ ਪਾਉਂਦਾ ਹੈ ਕਿਉਂਕਿ ਇਸ ਨਾਲ ਆਵਾਜਾਈ ਦੇ ਖ਼ਰਚੇ ਵਧ ਜਾਂਦੇ ਹਨ ਅਤੇ ਨਤੀਜੇ ਵਜੋਂ ਖਾਣ-ਪੀਣ ਦੀਆਂ ਵਸਤਾਂ, ਸਬਜ਼ੀਆਂ, ਫਲਾਂ, ਦਾਲਾਂ, ਖੇਤੀਬਾੜੀ ਨਾਲ ਸਬੰਧਿਤ ਸਾਮਾਨ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਗ਼ਰੀਬ, ਮੱਧ ਵਰਗ ਅਤੇ ਮਜ਼ਦੂਰ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਅÏਖਾ ਹੋ ਗਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਘਟਾਉਣ ਦੇ ਵੱਡੇ ਵਾਅਦੇ ਕੀਤੇ ਸਨ ਪਰ ਅੱਜ ਹਕੀਕਤ ਇਹ ਹੈ ਕਿ ਮਹਿੰਗਾਈ ਨੇ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ ਅਤੇ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਨਵੇਂ-ਨਵੇਂ ਬੋਝ ਲਗਾ ਰਹੀ ਹੈ |