ਰੂੜੇਕੇ ਕਲਾਂ, 1 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)- ਭਵਿੱਖ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਲੜੀਆਂ ਜਾਣ ਕਿਉਂਕਿ ਚੰਨੀ ਪੰਜਾਬ ਦੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਤੇ ਪੜੇ੍ਹ ਲਿਖੇ ਇਨਸਾਨ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਰੂੜੇਕੇ ਖੁਰਦ ਨੇ ਕਿਹਾ ਕਿ ਚੰਨੀ ਸਾਹਿਬ ਆਮ ਲੋਕਾਂ ਦੇ ਵਿਚ ਵਿਚਰਨ ਵਾਲੇ ਬੇਦਾਗ਼ ਨੇਤਾ ਹਨ, ਜੋ ਕਿ ਹਰੇ ਸਮੇਂ ਪੰਜਾਬ ਤੇ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਦੇ ਹਨ | ਉਨ੍ਹਾਂ ਨੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੇ ਗ਼ਰੀਬ ਵਰਗ ਨਾਲ ਸੰਬੰਧਿਤ ਪਰਿਵਾਰਾਂ ਨੂੰ ਸਹੂਲਤਾਂ ਦਿੱਤੀਆਂ ਸਨ | ਪੰਜਾਬ ਦੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਅਗਲਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ | ਅਗਲੇਰੀਆਂ ਚੋਣਾਂ ਚੰਨੀ ਦੀ ਅਗਵਾਈ ਵਿਚ ਲੜਨ ਲਈ ਕਾਂਗਰਸ ਯੂਥ ਵਿੰਗ ਵਲੋਂ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ | ਉਨ੍ਹਾਂ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਕਿ ਚਰਨਜੀਤ ਸਿੰਘ ਚੰਨੀ ਨੂੰ ਭਵਿੱਖ 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਜ਼ਿੰਮੇਵਾਰੀ ਦਿੱਤੀ ਜਾਵੇ |