ਬਰਨਾਲਾ, 2 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਸਮੂਹ ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਬਣੇ ਸੇਵਾ ਕੇਂਦਰ ਦੇ ਬਾਹਰ ਧਰਨਾ ਦੇ ਰਹੇ ਜ਼ਿਲ੍ਹਾ ਬਰਨਾਲਾ ਦੇ ਸੇਵਾ ਕੇਂਦਰ ਮੁਲਾਜ਼ਮ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਸੇਵਾ ਕੇਂਦਰ ਮੁਲਾਜ਼ਮਾਂ ਦੀ ਲਗਾਤਾਰ ਚੱਲ ਰਹੀ ਇਸ ਹੜਤਾਲ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ, ਵਾਈਸ ਪ੍ਰਧਾਨ ਬੇਅੰਤ ਸਿੰਘ ਅਤੇ ਲਵਇੰਦਰ ਸਿੰਘ ਨੇ ਦੱਸਿਆ ਕਿ ਠੇਕੇਦਾਰਾਂ/ਕੰਪਨੀਆਂ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਬਹੁਤ ਘੱਟ ਤਨਖ਼ਾਹਾਂ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਇਸ ਲਈ ਸਾਡੀ ਸਰਕਾਰ ਤੋਂ ਮੰਗ ਹੈ ਕਿ ਸੇਵਾ ਕੇਂਦਰਾਂ 'ਚੋਂ ਠੇਕੇਦਾਰੀ/ਕੰਪਨੀ ਸਿਸਟਮ ਨੂੰ ਬੰਦ ਕੀਤਾ ਜਾਵੇ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸੇਵਾ ਕੇਂਦਰਾਂ ਵਿਚੋਂ ਕੰਪਨੀ ਸਿਸਟਮ ਬੰਦ ਨਹੀਂ ਕਰਦੀ, ਉਦੋਂ ਤੱਕ ਇਹ ਹੜਤਾਲ ਅਤੇ ਧਰਨੇ ਜਾਰੀ ਰਹਿਣਗੇ | ਇਸ ਮੌਕੇ ਪ੍ਰੈੱਸ ਸਕੱਤਰ ਸੈਂਬਰ ਸਿੰਘ, ਖ਼ਜ਼ਾਨਚੀ ਜਗਸੀਰ ਸਿੰਘ, ਸਲਾਹਕਾਰ ਲਵਪ੍ਰੀਤ ਸਿੰਘ, ਚਰਨਜੀਤ ਸਿੰਘ, ਜਗਦੀਪ ਸਿੰਘ, ਮਨਜੀਤ ਸਿੰਘ, ਮੈਂਬਰ ਗੁਰਵਿੰਦਰ ਕੌਰ, ਸੰਦੀਪ ਕੌਰ, ਪੂਨਮ ਰਾਣੀ ਸਮੇਤ ਵੱਖ-ਵੱਖ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਹਾਜ਼ਰ ਸਨ |