ਬਰਨਾਲਾ, 2 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਸਮੂਹ ਕਲੈਰੀਕਲ ਕਾਮਿਆ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਡੀਅਰਨੈਸ ਅਲਾਊਾਸ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੇਸ਼ ਕੀਤੀ ਬੰਦ ਲਿਫ਼ਾਫ਼ਾ ਰਿਪੋਰਟ ਦੀਆਂ ਕਾਪੀਆਂ ਸਾੜੀਆਂ ਗਈਆਂ | ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਸਰਕਾਰ ਬਣਾ ਲਈ ਅਤੇ ਮੁੜ ਮੁਲਾਜ਼ਮ ਵਰਗ ਦੀਆਂ ਮੰਗਾਂ ਤੋਂ ਅੱਖਾਂ ਫੇਰ ਲਈਆਂ | ਸਰਕਾਰੀ ਮੁਲਾਜ਼ਮਾਂ ਦੀ ਇੰਨੀ ਦੁਰਦਸ਼ਾ ਕਿਸੇ ਸਰਕਾਰ ਨੇ ਨਹੀਂ ਕੀਤੀ | ਸਰਕਾਰ ਨੇ ਕੀਤੇ ਹੋਏ ਵਾਅਦਿਆਂ ਮੁਤਾਬਕ ਨਾ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਹੈ ਅਤੇ ਨਾ ਹੀ ਪੂਰਾ ਡੀ.ਏ. ਹੀ ਦਿੱਤਾ ਹੈ | ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸ਼ਰਮਾ, ਕਮਲਜੀਤ ਸਿੰਘ ਸ਼ਾਦ, ਚੰਚਲ ਕੌਸਲ, ਰਣਜੀਤ ਸਿੰਘ ਭੰਮ ਅਤੇ ਗੁਰਵਿੰਦਰ ਸਿੰਘ ਨੇ ਕਿਹਾ ਕਿ ਜਿਸ ਤਰਾਂ ਉਹ ਇਸ ਸਰਕਾਰ ਨੂੰ ਚੁਣ ਕੇ ਸੱਤਾ ਵਿਚ ਲਿਆਏ ਸੀ, ਉਸੇ ਤਰ੍ਹਾਂ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵੀ ਦਿਖਾਉਣ ਜਾਣਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕੱਲ੍ਹ ਹੋਣ ਵਾਲੀ ਮੀਟਿੰਗ ਵਿਚ ਕੋਈ ਵੀ ਮੁਲਾਜ਼ਮਾਂ ਪੱਖੀ ਫ਼ੈਸਲਾ ਨਾ ਲਿਆ ਤਾਂ ਕੱਲ੍ਹ ਹੀ ਚੰਡੀਗੜ੍ਹ ਤੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਮਨਰੇਗਾ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬੀ.ਐੱਡ ਅਧਿਆਪਕ ਯੂਨੀਅਨ ਦੇ ਆਗੂ ਕੇਵਲ ਸਿੰਘ ਤੇ ਸੁਖਬੀਰ ਸਿੰਘ ਅਤੇ ਸੀਟੂ ਦੇ ਆਗੂ ਸ਼ੇਰ ਸਿੰਘ ਫਰਵਾਹੀ ਨੇ ਵੀ ਕਲੈਰੀਕਲ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕੀਤੀ | ਇਸ ਮੌਕੇ ਨਿਰਮਲਜੀਤ ਸਿੰਘ ਚਾਨੇ, ਜਗਸੀਰ ਸਿੰਘ, ਦਰਸ਼ਨ ਸਿੰਘ, ਕਰਨਅਵਤਾਰ ਪੰਧੇਰ, ਅੰਸ਼ੂ ਗੁਪਤਾ, ਪਿ੍ਤਪਾਲ ਸਿੰਘ, ਦਵਿੰਦਰ ਸਿੰਘ, ਅਮਨਦੀਪ ਸਿੰਘ, ਸੁਖਜੀਤ ਸਿੰਘ ਸੰਧੂ, ਗੁਰਜੀਤ ਸਿੰਘ, ਯਾਦਵਿੰਦਰ ਸਿੰਘ, ਮੁਕੇਸ਼, ਬਲਵਿੰਦਰ ਸਿੰਘ ਸੁਪਰਡੰਟ, ਪ੍ਰਤਿਕਸ਼, ਹਰਿੰਦਰ ਸਿੰਘ ਕੰਡੇ, ਜੁਨਿੰਦਰ ਜੋਸ਼ੀ ਸਮੇਤ ਹੋਰ ਆਗੂ ਹਾਜ਼ਰ ਸਨ |