ਬਰਨਾਲਾ, 2 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਨੇ ਕਿਹਾ ਕਿ ਮਗਨਰੇਗਾ ਮੁਲਾਜ਼ਮ ਪੰਜਾਬ ਵਿਚ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਵਿਚ ਪਿਛਲੇ 18 ਸਾਲਾਂ ਤੋਂ ਠੇਕੇਦਾਰੀ ਸਿਸਟਮ ਤਹਿਤ ਸੇਵਾਵਾਂ ਨਿਭਾਅ ਰਹੇ ਹਨ | ਜੋ ਪਿਛਲੇ ਲੰਮੇ ਸਮੇਂ ਤੋਂ ਵਿਭਾਗ ਵਿਚ ਮਰਜ਼ ਕਰਨ ਲਈ ਸੰਘਰਸ਼ ਕਰ ਰਹੇ ਹਨ | ਹੁਣ ਤੱਕ 4 ਸਰਕਾਰਾਂ ਦਾ ਕਾਰਜਕਾਲ ਪੂਰਾ ਹੋ ਗਿਆ ਪਰ ਕਿਸੇ ਵੀ ਸਰਕਾਰ ਨੇ ਮੁਲਾਜ਼ਮਾਂ ਨੂੰ ਸਿਰਫ਼ ਸਿਆਸੀ ਹਿਤਾਂ ਲਈ ਹੀ ਵਰਤਿਆ | ਪ੍ਰੰਤੂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵੱਖ-ਵੱਖ ਪਾਲਿਸੀਆਂ ਤੇ ਕਾਨੂੰਨ ਤਾਂ ਬਣਾਏ ਪਰ ਸੇਵਾਵਾਂ ਪੱਕੀਆਂ ਨਹੀਂ ਕੀਤੀਆਂ | ਉਨ੍ਹਾਂ ਕਿਹਾ ਕਿ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਨੂੰ 6-7 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ ਜਿਸ ਕਰ ਕੇ ਸੂਬਾ ਪੱਧਰ 'ਤੇ ਯੂਨੀਅਨ ਵਲੋਂ ਲਏ ਫ਼ੈਸਲੇ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ 2 ਜੂਨ ਤੋਂ ਕਲਮ ਛੋੜ ਹੜਤਾਲ ਕਰ ਕੇ ਕੰਮ ਮੁਕੰਮਲ ਬੰਦ ਕਰ ਦਿੱਤੇ ਹਨ | ਉਨ੍ਹਾਂ ਪੰਜਾਬ ਸਰਕਾਰ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੁਹਾਲੀ ਦੇ ਉੱਚ ਅਧਿਕਾਰੀਆਂ ਪਾਸੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਅਤੇ ਸੇਵਾਵਾਂ ਪੱਕੇ ਕਰਨ ਦੀ ਮੰਗ ਕੀਤੀ | ਇਸ ਮੌਕੇ ਰਮਨਦੀਪ ਕੌਰ, ਪਰਮਿੰਦਰ ਸਿੰਘ ਮਾਣੂੰਕੇ, ਪੰਕਜ ਕੁਮਾਰ, ਇੰਦਰਜੀਤ ਸਿੰਘ, ਅਮਨਦੀਪ ਸਿੰਘ ਕੱਟੂ, ਜਸਮੀਤ ਸਿੰਘ ਤੁੰਗ, ਕੁਲਵੀਰ ਕੌਰ, ਮਹਿੰਦਰ ਸਿੰਘ ਮਹਿਲ ਕਲਾਂ, ਮਹਿੰਦਰ ਸਿੰਘ ਰਾਏਸਰ, ਰੌਬਿਨਦੀਪ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ ਗਿੱਲ, ਹਰਦੀਪ ਸਿੰਘ ਸਰਾਂ, ਬਲਕਰਨ ਸਿੰਘ ਸ਼ੇਰਗਿੱਲ, ਗਗਨਦੀਪ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |