ਮਹਿਲ ਕਲਾਂ, 5 ਜੂਨ (ਅਵਤਾਰ ਸਿੰਘ ਅਣਖੀ)-ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵਲੋਂ ਆਪਣੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 10 ਦਿਨਾਂ ਤੋਂ ਕੀਤੀ ਜਾ ਰਹੀ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੇਵਾ ਕੇਂਦਰਾਂ ਦੇ ਕੰਮ-ਕਾਜ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਫੈਮਲੀ ਆਈ.ਡੀ. ਨਾਲ ਸਬੰਧਿਤ ਕੰਮ, ਜ਼ਮੀਨੀ ਰਿਕਾਰਡ, ਵੱਖ-ਵੱਖ ਤਰ੍ਹਾਂ ਦੇ ਹਲਫ਼ਨਾਮੇ ਅਤੇ ਹੋਰ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਨਾਲ ਪਿੰਡਾਂ ਅਤੇ ਕਸਬਿਆਂ ਦੇ ਲੋਕ ਰੋਜ਼ਾਨਾ ਖ਼ੱਜਲ਼-ਖ਼ੁਆਰ ਹੋ ਰਹੇ ਹਨ | ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਜਸਵੀਰ ਸਿੰਘ ਖੇੜੀ ਦੀ ਅਗਵਾਈ ਹੇਠ ਮਹਿਲ ਕਲਾਂ ਦੇ ਛੀਨੀਵਾਲ ਕਲਾਂ ਰੋਡ ਸਥਿਤ ਸੇਵਾ ਕੇਂਦਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਦਾਅਵੇ ਤਾਂ ਕਰਦੀ ਹੈ, ਪਰ ਹਕੀਕਤ ਇਹ ਹੈ, ਕਿ ਹੜਤਾਲ ਕਾਰਨ ਵੱਡੀ ਗਿਣਤੀ 'ਚ ਲੋਕ ਆਪਣੇ ਜ਼ਰੂਰੀ ਦਸਤਾਵੇਜ਼ ਬਣਵਾਉਣ ਲਈ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ | ਐਡਵੋਕੇਟ ਖੇੜੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਲੋਕਾਂ 'ਚ ਰੋਹ ਹੋਰ ਵਧੇਗਾ | ਸਰਕਾਰ ਦੀ ਇਸ ਅਣਗਹਿਲੀ ਵਿਰੁੱਧ ਸਾਰੀਆਂ ਧਿਰਾਂ ਵਲੋਂ ਸਾਂਝੇ ਰੂਪ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਅਵਤਾਰ ਸਿੰਘ, ਦਰਸ਼ਨ ਸਿੰਘ ਚੁਹਾਣਕੇ, ਦਿਲਾਵਰ ਸਿੰਘ ਹਮੀਦੀ ਨੇ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸੇਵਾ ਕੇਂਦਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰ ਕੇ ਠੱਪ ਪਏ ਸੇਵਾ ਕੇਂਦਰਾਂ ਨੂੰ ਮੁੜ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਪ੍ਰੇਸ਼ਾਨੀ ਦੂਰ ਹੋ ਸਕੇ |