ਤਪਾ ਮੰਡੀ, 8 ਜੂਨ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਜੋ ਅਕਸਰ ਹੀ ਕਿਸੇ ਨਾ ਕਿਸੇ ਕਾਰਨਾਂ ਕਰ ਕੇ ਸੁਰਖ਼ੀਆਂ ਵਿਚ ਰਹਿੰਦੀ ਹੈ ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੋਗਣਾ ਪੈਂਦਾ ਹੈ | ਅਜਿਹਾ ਹੀ ਇੱਕ ਮਾਮਲਾ ਇਲਾਕੇ ਦੀਆਂ ਕੁੱਝ ਥਾਵਾਂ ਸਕੂਲ ਗਰਾਊਾਡ, ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਨਜ਼ਦੀਕ ਅਤੇ ਹੋਰ ਥਾਵਾਂ 'ਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦਾ ਸਾਹਮਣੇ ਆਇਆ ਹੈ, ਜਿਸ ਕਾਰਨ ਲੋਕਾਂ ਦਾ ਘਰਾਂ 'ਚ ਰਹਿਣਾ ਦੁੱਭਰ ਹੋ ਗਿਆ ਹੈ ਅਤੇ ਉਹ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ | ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਨਗਰ ਕੌਂਸਲ ਦੇ ਸੰਬੰਧਿਤ ਮੁਲਾਜ਼ਮਾਂ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਸ਼ਹਿਰ ਦੇ ਕਈ ਵਾਰਡਾਂ ਵਿਚ ਸੀਵਰੇਜ ਦੇ ਓਵਰਫ਼ਲੋ ਹੋ ਰਹੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਹੱਲ ਨਹੀਂ ਹੋਇਆ, ਬਲਕਿ ਸੰਬੰਧਿਤ ਮੁਲਾਜ਼ਮ ਦਫ਼ਤਰਾਂ ਤੱਕ ਹੀ ਸੀਮਤ ਰਹਿ ਗਏ ਹਨ | ਜਿਨ੍ਹਾਂ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕ ਰਹੀ | ਜਦ ਕਿ ਇਸ ਸਬੰਧੀ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਵੀ ਨਗਰ ਕੌਂਸਲ ਦੇ ਸੰਬੰਧਿਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਇਸ ਸਮੱਸਿਆ ਦਾ ਹੱਲ ਕਰਨ ਸਬੰਧੀ ਨਗਰ ਕੌਂਸਲ ਨੂੰ ਇੱਕ ਪੱਤਰ ਜਾਰੀ ਕਰ ਚੁੱਕੇ ਹਨ, ਪਰੰਤੂ ਇਨ੍ਹਾਂ ਮੁਲਾਜ਼ਮਾਂ ਨੇ ਇੱਕ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਨੂੰ ਵੀ ਟਿੱਚ ਸਮਝਦੇ ਹੋਏ ਸਮੱਸਿਆ ਦਾ ਹੱਲ ਕਰਨਾ ਮੁਨਾਸਬ ਹੀ ਨਹੀਂ ਸਮਝਿਆ | ਵਾਰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੱਧ ਗਿਆ ਹੈ | ਜੇਕਰ ਜਲਦ ਹੀ ਇਸ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਹੱਲ ਨਾ ਹੋਇਆ ਤਾਂ ਉਹ ਗੰਭੀਰ ਬਿਮਾਰੀਆਂ ਦੀ ਲਪੇਟ 'ਚ ਆ ਜਾਣਗੇ | ਇਸ ਸਬੰਧੀ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਨੇ ਕਿਹਾ ਕਿ ਜੇਕਰ ਨਗਰ ਕੌਂਸਲ ਦਾ ਸਬੰਧਿਤ ਅਧਿਕਾਰੀ ਜਾਂ ਮੁਲਾਜ਼ਮ ਕੁਤਾਹੀ ਕਰਦਾ ਪਾਇਆ ਗਿਆ ਤਾਂ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |