ਤਪਾ ਮੰਡੀ, 14 ਜੂਨ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਅਤੇ ਐਸ.ਪੀ (ਡੀ) ਅਸ਼ੋਕ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 368 ਨਸ਼ੀਲੀਆਂ ਗੋਲੀਆਂ ਸਣੇ ਪੰਜ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਜਗਦੇਵ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਰਾਹੁਲ ਕੁਮਾਰ ਪੁੱਤਰ ਮਦਨ ਲਾਲ ਵਾਸੀ ਅਨੰਦਪੁਰ ਬਸਤੀ ਤਪਾ ਜੋ ਬਾਹਰਲੇ ਇਲਾਕਿਆਂ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਇਲਾਕੇ 'ਚ ਵੇਚਣ ਦਾ ਧੰਦਾ ਕਰ ਰਹੇ ਹਨ | ਅਗਰ ਕਾਰਵਾਈ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ, ਪੁਲਿਸ ਨੇ ਤੁਰੰਤ ਉਕਤ ਦੋਵਾਂ ਨੂੰ ਦਰਾਜ਼ ਰੇਲਵੇ ਫਾਟਕ ਤੋਂ ਕੱਚੇ ਰਸਤੇ 'ਤੇ ਬੈਠੇ ਨੂੰ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 183 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ | ਇਸੇ ਦੌਰਾਨ ਸਹਾਇਕ ਥਾਣੇਦਾਰ ਮੈਡਮ ਨਿੰਦਰਪਾਲ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਕਰਨਦੀਪ ਸਿੰਘ ਉਰਫ਼ ਕਰਨੀ ਪੁੱਤਰ ਪਿਆਰਾ ਸਿੰਘ ਵਾਸੀ ਢਿਲਵਾਂ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਦੀ ਟੀਮ ਨੇ ਗੁਰਸੇਵਕ ਸਿੰਘ ਉਰਫ ਸੰਦੀਪ ਪੁੱਤਰ ਜਗਦੇਵ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਢਿਲਵਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 105 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ | ਇਸ ਤਰ੍ਹਾਂ ਤਿੰਨ ਵੱਖ-ਵੱਖ ਕਾਰਵਾਈਆਂ ਦੌਰਾਨ ਪੁਲਿਸ ਨੇ ਕੁੱਲ 368 ਨਸ਼ੀਲੀਆਂ ਗੋਲੀਆਂ ਬਰਾਮਦ ਕਰਦਿਆਂ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |