ਮਹਿਲ ਕਲਾਂ, 15 ਜੂਨ (ਅਵਤਾਰ ਸਿੰਘ ਅਣਖੀ)-ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਿੱਲਤ ਕਾਰਨ ਕਿਸਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਸੁਰਿੰਦਰਪਾਲ ਸਿੰਘ ਸਿਬੀਆ ਸਾਬਕਾ ਵਿਧਾਇਕ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਨਾਕਾਮ ਯੋਜਨਾਬੰਦੀ ਕਾਰਨ ਕਿਸਾਨਾਂ ਨੂੰ ਖਾਦ ਪ੍ਰਾਪਤ ਕਰਨ ਲਈ ਲੰਬੀਆਂ ਲਾਈਨਾਂ 'ਚ ਖੜ੍ਹਾ ਹੋਣਾ ਪੈ ਰਿਹਾ ਹੈ, ਜਦ ਕਿ ਡੀਜ਼ਲ, ਬੀਜ, ਕੀਟਨਾਸ਼ਕਾਂ ਅਤੇ ਮਜ਼ਦੂਰੀ ਦੇ ਵੱਧ ਰਹੇ ਖ਼ਰਚਿਆਂ ਕਾਰਨ ਖੇਤੀ ਹੁਣ ਘਾਟੇ ਦਾ ਧੰਦਾ ਬਣ ਗਈ ਹੈ | ਸਿਬੀਆ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਆਧਾਰ ਖੇਤੀ ਹੈ ਅਤੇ ਕਿਸਾਨ ਇਸ ਦੀ ਰੀੜ੍ਹ ਦੀ ਹੱਡੀ ਹਨ | ਖਾਦਾਂ ਦੀ ਸਮੇਂ ਸਿਰ ਉਪਲਬਧਤਾ ਨਾ ਹੋਣ ਨਾਲ ਫ਼ਸਲਾਂ ਦੀ ਪੈਦਾਵਾਰ ਪ੍ਰਭਾਵਿਤ ਹੋ ਸਕਦੀ ਹੈ, ਜਿਸ ਦਾ ਸਿੱਧਾ ਅਸਰ ਕਿਸਾਨਾਂ ਦੀ ਆਮਦਨ ਅਤੇ ਸੂਬੇ ਦੀ ਅਰਥਵਿਵਸਥਾ 'ਤੇ ਪਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਹਿਕਾਰੀ ਸਭਾਵਾਂ ਅਤੇ ਖਾਦ ਵੰਡ ਕੇਂਦਰਾਂ ਵਿਚ ਤੁਰੰਤ ਲੋੜੀਂਦਾ ਸਟਾਕ ਭੇਜ ਕੇ ਸਪਲਾਈ ਸੁਚਾਰੂ ਬਣਾਈ ਜਾਵੇ | ਪੰਜਾਬ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਸਿਬੀਆ ਨੇ ਕਿਹਾ ਕਿ ਆਪ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ ਹੈ | ਲੋਕਾਂ ਨੂੰ ਕੋਈ ਸਹੂਲਤ ਦੇਣ ਦੀ ਥਾਂ ਸਿਰਫ਼ ਮਸ਼ਹੂਰੀਆਂ ਉਪਰ ਹੀ ਜ਼ੋਰ ਦਿੱਤਾ ਗਿਆ ਹੈ | ਲੋਕ ਮੌਜੂਦਾ ਰਾਜ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹਨ | ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ 'ਚ ਕਾਂਗਰਸ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਹਰ ਵਰਗ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਜਾਵੇਗੀ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਕਮਲਜੀਤ ਸਿੰਘ ਬਰਾੜ, ਪਰਮਿੰਦਰ ਸ਼ੰਮੀ ਠੁੱਲੀਵਾਲ, ਜਸਮੇਲ ਸਿੰਘ ਡੇਅਰੀਵਾਲਾ, ਗੁਰਮੇਲ ਸਿੰਘ ਮੌੜ, ਡਾ: ਬਲਵੰਤ ਰਾਏ, ਐਡਵੋਕੇਟ ਜਸਵੀਰ ਸਿੰਘ ਖੇੜੀ, ਜਸਵਿੰਦਰ ਸਿੰਘ ਮਾਂਗਟ, ਜਰਨੈਲ ਸਿੰਘ ਠੁੱਲੀਵਾਲ, ਮਨਜੀਤ ਸਿੰਘ ਮਹਿਲ ਖੁਰਦ, ਬੀਬੀ ਕਾਂਤਾ ਕੁਠਾਲਾ ਆਦਿ ਹਾਜ਼ਰ ਸਨ |