ਮਹਿਲ ਕਲਾਂ, 18 ਜੂਨ (ਤਰਸੇਮ ਸਿੰਘ ਗਹਿਲ)-ਵਿਧਾਨ ਹਲਕਾ ਮਹਿਲ ਕਲਾਂ ਦੇ ਪਿੰਡ ਚੰਨਣਵਾਲ ਵਿਖੇ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਕੀਤੀ ਗਈ। ਇਸ ਸਮੇਂ ਮਹਿਲਾਵਾਂ ਨੇ ਪੰਜਾਬ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਅਤੇ ਪਰਿਵਾਰਕ ਆਰਥਿਕ ਮਜ਼ਬੂਤੀ ਲਈ ਚੁੱਕੇ ਜਾ ਰਹੇ ਕਦਮਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਇਸ ਸਮੇਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਕਾਰਜਾਂ ਲਈ ਪਿਛਲੇ ਸਮੇਂ ਦੌਰਾਨ ਹਰ ਪਿੰਡ, ਹਰ ਸ਼ਹਿਰ ਵਿਚ ਅਨੇਕਾਂ ਕੰਮ ਕੀਤੇ ਹਨ। ਸਰਕਾਰ ਨੇ ਸਿਰਫ਼ ਵਾਅਦੇ ਹੀ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰ ਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੇ ਨਵੀਂ ਇਬਾਰਤ ਲਿਖੀ ਹੈ। ਸਰਕਾਰੀ ਸਕੂਲਾਂ ਦੀ ਦਿੱਖ ਅਤੇ ਦਸ਼ਾ ਵਿਚ ਇਤਿਹਾਸਕ ਬਦਲਾਅ ਲਿਆ ਕੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਹੈ। ਨਵੇਂ ਕਲਾਸ ਰੂਮ, ਸਮਾਰਟ ਕਲਾਸਾਂ, ਵਿਗਿਆਨ ਲੈਬਾਂ, ਖੇਡ ਮੈਦਾਨ, ਸਾਫ਼-ਸੁਥਰੇ ਟਾਇਲਟ ਅਤੇ ਬੱਚਿਆਂ ਲਈ ਬਿਹਤਰ ਪੜ੍ਹਾਈ ਦਾ ਮਾਹੌਲ ਤਿਆਰ ਕੀਤਾ ਗਿਆ ਹੈ। ਅਧਿਆਪਕਾਂ ਨੂੰ ਦੇਸ਼ ਅਤੇ ਵਿਦੇਸ਼ ਦੀਆਂ ਨਾਮਵਰ ਸੰਸਥਾਵਾਂ ਵਿਚ ਸਿਖਲਾਈ ਦੇ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸਿਹਤ ਖੇਤਰ ਵਿਚ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋਏ ਹਨ, ਜਿੱਥੇ ਲੱਖਾਂ ਲੋਕਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ। ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਹੁਣ ਬਿਨਾਂ ਵੱਡਾ ਖਰਚਾ ਕੀਤੇ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਗਿਆ ਹੈ। ਸਾਲਾਂ ਤੋਂ ਖ਼ਰਾਬ ਪਈਆਂ ਸੜਕਾਂ ਨੂੰ ਨਵਾਂ ਰੂਪ ਦਿੱਤਾ ਗਿਆ ਹੈ, ਜਿਸ ਨਾਲ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੀ ਹੈ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ, ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ, ਕਿਸਾਨਾਂ ਲਈ ਫ਼ਸਲੀ ਮੁਆਵਜ਼ਿਆਂ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਵਰਗੇ ਕਦਮਾਂ ਨੇ ਪੰਜਾਬ ਨੂੰ ਤਰੱਕੀ ਦੇ ਨਵੇਂ ਰਾਹ ‘ਤੇ ਲਿਆਂਦਾ ਹੈ।ਸਮਾਗਮ ਦੌਰਾਨ ਆਗੂਆਂ ਨੇ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰਯੋਗ ਯੋਜਨਾ’ ਸਿਰਫ਼ ਇੱਕ ਸਕੀਮ ਨਹੀਂ, ਸਗੋਂ ਪੰਜਾਬ ਦੀਆਂ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਦਾ ਪ੍ਰਤੀਕ ਹੈ। ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ, ਬਲਾਕ ਸੰਮਤੀ ਮਹਿਲ ਕਲਾਂ ਦੀ ਡਿਪਟੀ ਚੇਅਰਪਰਸਨ ਬੀਬੀ ਕਿਰਨਜੀਤ ਕੌਰ ਮਠਾੜੂ, ਸਮਾਜ ਸੇਵੀ ਫ਼ੌਜੀ ਬਲਵਿੰਦਰ ਸਿੰਘ ਰਾਜਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ, ਮਾਵਾਂ, ਧੀਆਂ ਅਤੇ ਪਿੰਡ ਵਾਸੀ ਹਾਜ਼ਰ ਸਨ।
ਚੰਨਣਵਾਲ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ਾਨਦਾਰ ਸ਼ੁਰੂਆਤ
ਅਜੀਤ ਡੈਸਕ
19-06-2026