ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਚੰਡੀਗੜ੍ਹ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ਅਨੁਸਾਰ ਜ਼ਿਲ੍ਹਾ ਬਰਨਾਲਾ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਇਕ ਮੀਟਿੰਗ ਡੀ. ਸੀ. ਕੰਪਲੈਕਸ ਦੇ ਪਾਰਕ ਵਿਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰਸੇਮ ਭੱਠਲ, ਦਰਸ਼ਨ ਚੀਮਾ, ਰਾਜੀਵ ਕੁਮਾਰ, ਮੋਹਨ ਸਿੰਘ ਛੰਨਾ, ਮਾਸਟਰ ਮਨੋਹਰ ਲਾਲ ਅਤੇ ਸੁਖਜੰਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਜਿਸ ਕਾਰਨ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਲੈਣ ਲਈ, ਏ.ਸੀ.ਪੀ. ਲਾਗੂ ਕਰਾਉਣ ਲਈ, ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ, ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ ਲਈ ਅਤੇ ਹੋਰ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰ ’ਤੇ ਖ਼ਜ਼ਾਨਾ ਦਫ਼ਤਰ ਬਰਨਾਲਾ ਅੱਗੇ ਮਿਤੀ 24 ਜੂਨ ਨੂੰ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਜਿਸ ਦੀਆਂ ਤਿਆਰੀਆਂ ਵਜੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਐਕਸ਼ਨਾਂ ਤੋਂ ਬਾਅਦ ਮਿਤੀ 1 ਜੁਲਾਈ ਤੋਂ 10 ਜੁਲਾਈ ਤੱਕ ਪੰਜਾਬ ਸਰਕਾਰ ਦੇ ਮੰਤਰੀਆਂ/ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਚਿਤਾਵਨੀ ਪੱਤਰ ਸੌਂਪੇ ਜਾਣਗੇ। ਇਸ ਤੋਂ ਬਾਅਦ ਮਿਤੀ 17 ਜੁਲਾਈ ਨੂੰ ਮੁਹਾਲੀ ਵਿਖੇ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਮਹਾਂ ਰੋਸ ਰੈਲੀ ਕੀਤੀ ਜਾਵੇਗੀ। ਜਿਸ ਵਿਚ ਪੰਜਾਬ ਅਤੇ ਚੰਡੀਗੜ੍ਹ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਿਲ ਹੋਣਗੇ। ਮੀਟਿੰਗ ਵਿਚ ਗੁਰਦੀਪ ਸਿੰਘ, ਮੁਨੀਸ਼ ਕੁਮਾਰ, ਸੁਰਜਨ ਸਿੰਘ, ਬਲਵੰਤ ਸਿੰਘ, ਹਰਭੋਲ ਸਿੰਘ, ਗੁਰਨਾਮ ਸਿੰਘ, ਸੁਖਜੀਤ ਸਿੰਘ, ਗਗਨਦੀਪ ਸਿੰਘ, ਅਜਿੰਦਰਪਾਲ ਸਿੰਘ, ਬਲਜੀਤ ਸਿੰਘ, ਰਾਮਪਿਆਰਾ ਸਿੰਘ, ਰਵਿੰਦਰ ਸ਼ਰਮਾ, ਅਨਿਲ ਕੁਮਾਰ, ਨਿਰਮਲਜੀਤ ਸਿੰਘ, ਸੁਰਿੰਦਰ ਸ਼ਰਮਾ ਆਦਿ ਆਗੂ ਹਾਜ਼ਰ ਸਨ।