ਮਹਿਲ ਕਲਾਂ, 22 ਜੂਨ (ਅਵਤਾਰ ਸਿੰਘ ਅਣਖੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ’ਚ ਪਿਛਲੇ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਮਨਰੇਗਾ ਮੁਲਾਜ਼ਮਾਂ ਨੇ ਸੂਬਾ ਕਮੇਟੀ ਦੇ ਸੱਦੇ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਅੰਦਰ 23 ਜੂਨ ਨੂੰ ਕੀਤੇ ਜਾ ਰਹੇ ਰੋਸ ਮਾਰਚ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਬਲਾਕ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਧਰਨੇ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਮਨਰੇਗਾ ਮੁਲਾਜ਼ਮ ਪਿਛਲੇ ਕਰੀਬ 18 ਸਾਲਾਂ ਤੋਂ ਪਿੰਡਾਂ ਦੇ ਵਿਕਾਸ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨੂੰ ਪਿਛਲੇ ਛੇ ਤੋਂ ਸੱਤ ਮਹੀਨਿਆਂ ਤੋਂ ਤਨਖ਼ਾਹਾਂ ਵੀ ਨਹੀਂ ਮਿਲੀਆਂ, ਜਿਸ ਕਾਰਨ ਸੈਂਕੜੇ ਪਰਿਵਾਰ ਆਰਥਿਕ ਸੰਕਟ ਵਿਚੋਂ ਗੁਜ਼ਰ ਰਹੇ ਹਨ। ਪਰ ਰਾਜ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਯੂਨੀਅਨ ਆਗੂਆਂ ਨੇ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਨੂੰ ਪੰਚਾਇਤੀ ਵਿਭਾਗ ਵਿਚ ਮਰਜ਼ ਕਰਨ, ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਨ, ਰੈਗੂਲਰ ਵਰਗੀਆਂ ਸਹੂਲਤਾਂ ਦੇਣ ਅਤੇ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਸਰਕਾਰ ਵਲੋਂ ਕਈ ਵਾਰ ਭਰੋਸੇ ਦਿੱਤੇ ਗਏ, ਪਰ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੀ ਅਗਵਾਈ ਹੇਠ ਪੰਜਾਬ ਭਰ ਦੇ ਮਨਰੇਗਾ ਮੁਲਾਜ਼ਮ 23 ਜੂਨ ਨੂੰ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਇੱਕ ਦਿਨਾ ਸੰਕੇਤਕ ਰੋਸ ਮਾਰਚ ਕਰਨਗੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਏ.ਪੀ.ਓ. ਰਮਨਦੀਪ ਕੌਰ, ਜੇ.ਈ. ਇੰਦਰਜੀਤ ਸਿੰਘ, ਗ੍ਰਾਮ ਸੇਵਕ ਕੁਲਦੀਪ ਸਿੰਘ, ਮਹਿੰਦਰ ਸਿੰਘ ਰਾਏਸਰ, ਰਣਜੀਤ ਸਿੰਘ, ਗਗਨਦੀਪ ਬਰਨਾਲਾ, ਕੁਲਵੀਰ ਕੌਰ, ਹਰਪ੍ਰੀਤ ਕੌਰ ਗਹਿਲ, ਜਸਵੀਰ ਕੌਰ, ਮਹਿੰਦਰ ਸਿੰਘ ਮਹਿਲ ਕਲਾਂ ਆਦਿ ਮਨਰੇਗਾ ਮੁਲਾਜ਼ਮ ਹਾਜ਼ਰ ਸਨ।