ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ, ਉੱਥੇ ਸਾਡੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ, ਜੋ ਕਿ ਪਿਛਲੀ ਕਿਸੇ ਵੀ ਸਰਕਾਰ ਵਲੋਂ ਨਹੀਂ ਕੀਤੇ ਗਏ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਈ.ਐਸ. ਕਾਲਜ ਦੇ ਆਡੀਟੋਰੀਅਮ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਈ ਸਿਵਲ ਅਤੇ ਪੁਲਿਸ-ਪ੍ਰਸ਼ਾਸਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਮੀਤ ਹੇਅਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੇ ਘਰ ਤੇ ਹੌਸਲੇ ਤੋੜੇ ਹਨ। ਅੱਜ ਪਿੰਡਾਂ ਤੋਂ ਆਏ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨੇ ਖ਼ੁਦ ਕਿਹਾ ਹੈ ਕਿ ਨਸ਼ਿਆਂ ਨੂੰ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਬਣੀ ਲੋਕ ਲਹਿਰ ਨੂੰ ਕਾਮਯਾਬ ਕਰ ਕੇ ਸੂਬੇ ਅਤੇ ਜ਼ਿਲ੍ਹਾ ਬਰਨਾਲਾ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਜ਼ੋਨਲ (ਮਾਲਵਾ ਵੈਸਟ) ਕੋਆਰਡੀਨੇਟਰ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਮਾਨ ਸਰਕਾਰ ਦੀ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਹੈ। ਉਨ੍ਹਾਂ ਮੌਜੂਦ ਅਹੁਦੇਦਾਰਾਂ ਤੋਂ ਫੀਡਬੈਕ ਲਿਆ ਅਤੇ ਕਿਹਾ ਕਿ ਜਿੱਥੇ ਕੋਈ ਮੁਸ਼ਕਿਲ ਆ ਰਹੀ ਹੈ, ਤੁਰੰਤ ਪੁਲਿਸ/ਪ੍ਰਸ਼ਾਸਨ ਤੱਕ ਪਹੁੰਚ ਕੀਤੀ ਜਾਵੇ। ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਪੁਲਿਸ ਲਗਾਤਾਰ ਨਸ਼ਿਆਂ ਅਤੇ ਨਸ਼ਾ ਤਸਕਰਾਂ ਦਾ ਲੱਕ ਤੋੜਨ ਲਈ ਡਟੀ ਹੋਈ ਹੈ। ਬਰਨਾਲਾ ਪੁਲਿਸ ਵਲੋਂ ਜਿੱਥੇ ਵੱਡੇ ਪੱਧਰ ਉੱਤੇ ਨਸ਼ਿਆਂ ਦੀ ਰਿਕਵਰੀ ਕੀਤੀ ਗਈ ਹੈ ਉੱਥੇ ਨਸ਼ਾ ਤਸਕਰਾਂ ਉੱਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਮੋਦੀ, ਬਰਨਾਲਾ ਦੇ ਹਲਕਾ ਕੋਆਰਡੀਨੇਟਰ ਮਲਕੀਤ ਸਿੰਘ ਔਲਖ, ਐਸ.ਪੀ. ਅਸ਼ੋਕ ਸ਼ਰਮਾ, ਐਸ.ਪੀ. ਸੋਹਣ ਲਾਲ, ਐਸ.ਡੀ.ਐਮ. ਬਰਨਾਲਾ ਡਾ: ਅਜੀਤਪਾਲ ਸਿੰਘ ਚਹਿਲ, ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਐਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਡੀ.ਐਸ.ਪੀ. ਬਰਨਾਲਾ ਸਤਵੀਰ ਸਿੰਘ, ਡੀ.ਐਸ.ਪੀ. ਮਹਿਲ ਕਲਾਂ ਸਤਵਿੰਦਰ ਸਿੰਘ, ਡੀ.ਐਸ.ਪੀ. ਤਪਾ ਜਸਕਰਨ ਸਿੰਘ, ਡੀ.ਐਸ.ਪੀ. (ਡੀ) ਰਾਜਿੰਦਰ ਪਾਲ ਸਿੰਘ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਭਦੌੜ ਹਲਕੇ ਦੇ ਕੋਆਰਡੀਨੇਟਰ ਜਗਸੀਰ ਸਿੰਘ, ਮਹਿਲ ਕਲਾਂ ਹਲਕੇ ਤੋਂ ਜਸਦੀਪ ਸਿੰਘ, ਸਮੂਹ ਵਾਈਸ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਮੌਜੂਦ ਸਨ।
ਮਾਨ ਸਰਕਾਰ ਦੀ ਨਸ਼ਿਆਂ ਪ੍ਰਤੀ ਹੈ ਜ਼ੀਰੋ ਟਾਲਰੈਂਸ ਨੀਤੀ-ਮੀਤ ਹੇਅਰ
ਅਜੀਤ ਡੈਸਕ
25-06-2026