ਬਰਨਾਲਾ, 25 ਜੂਨ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹੇ ਦੇ ਪਿੰਡ ਝਲੂਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ’ਤੇ ਤਿੱਖਾ ਹਮਲਾ ਕੀਤੇ ਅਤੇ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣਾ ਮਾਨਸਿਕ ਸੰਤੁਲਨ ਖੋ ਚੁੱਕੀਆਂ ਹਨ ਕਿਉਂਕਿ ਉਹ ਸੂਬੇ ਦੇ ਤੇਜ਼ੀ ਨਾਲ ਹੋ ਰਹੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਅਤੇ ਉਨ੍ਹਾਂ ਨੇ ਮੈਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਧਰਮ ਦੇ ਨਾਂ ’ਤੇ ਫ਼ਰਜ਼ੀ ਵੀਡੀਓਜ਼ ਅਤੇ ਝੂਠੇ ਪ੍ਰਚਾਰ ਦਾ ਸਹਾਰਾ ਲਿਆ ਹੈ। ਪੰਜਾਬ ਸਰਕਾਰ ਵਲੋਂ ਉਠਾਏ ਗਏ ਲੋਕ-ਪੱਖੀ ਕਦਮਾਂ ਦੀ ਸੂਚੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਪਟੜੀ ਤੋਂ ਲਾਹੁਣ ਦੀਆਂ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਉਹ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ 1 ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਪਿੰਡਾਂ ਵਿਚ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਦੇਸ਼ ਦੇ ਪਹਿਲੇ ਪ੍ਰੋਜੈਕਟ ਦੀ ਸ਼ੁਰੂਆਤ ਬਾਰੇ ਵੀ ਦੱਸਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਸਾਜ਼ਿਸ਼ ਜਾਂ ਬਦਨਾਮੀ ਦੀ ਮੁਹਿੰਮ ਉਨ੍ਹਾਂ ਨੂੰ ਲੋਕਾਂ ਲਈ ਕੰਮ ਕਰਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀ । ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਮ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ । ਆਮ ਲੋਕਾਂ ਦੀ ਕਦੇ ਪਰਵਾਹ ਨਾ ਕਰਨ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ । ਉਹ ਪੰਜਾਬ ਸਰਕਾਰ ਅਤੇ ਮੇਰੇ ਖ਼ਿਲਾਫ਼ ਲਗਾਤਾਰ ਜ਼ਹਿਰ ਉਗਲ ਰਹੀਆਂ ਹਨ । ਉਨ੍ਹਾਂ ਕੋਲ ਲੋਕਾਂ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ ਇੱਕ ਮਕਸਦ ਬੇਬੁਨਿਆਦ ਬਿਆਨਬਾਜ਼ੀ ਕਰ ਕੇ ਸਰਕਾਰ ਨੂੰ ਬਦਨਾਮ ਕਰਨਾ ਹੈ । ਹੁਣ ਐਸ.ਜੀ.ਪੀ.ਸੀ. (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਗੁਰਦੁਆਰਿਆਂ ਦੇ ਬਾਹਰ ਪੋਸਟਰ ਲਗਾਉਣ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਵਿਚ ਮੇਰੇ ਬਾਈਕਾਟ ਦੀ ਮੰਗ ਕੀਤੀ ਗਈ ਹੈ। ਪਰ ਅਜਿਹੇ ਪੋਸਟਰ ਅਕਾਲੀ ਦਲ ਜਾਂ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਕਿਉਂ ਨਹੀਂ ਲਗਾਏ ਗਏ ਜਦੋਂ ਉਨ੍ਹਾਂ ਨੇ ਖ਼ੁਦ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲੀ ਸੀ । ਮੁੱਖ ਮੰਤਰੀ ਨੇ ਕਿਹਾ ਕਿ ਉਹ ਜਿੱਥੇ ਵੀ ਜਾਂਦੇ ਹਨ, ਲੋਕ ਵੱਡੀ ਗਿਣਤੀ ਵਿਚ ਇਕੱਠੇ ਹੁੰਦੇ ਹਨ। ਜਦੋਂ ਮੈਂ ਪਿੰਡਾਂ, ਭਾਈਚਾਰਕ ਇਕੱਠਾਂ ਅਤੇ ਜਨਤਕ ਮੀਟਿੰਗਾਂ ਵਿਚ ਜਾਂਦਾ ਹਾਂ ਤਾਂ ਭਾਰੀ ਭੀੜ ਇਕੱਠੀ ਹੁੰਦੀ ਹੈ। ਵਿਰੋਧੀ ਧਿਰ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਕਿਉਂਕਿ ਉਹ ਖ਼ੁਦ ਅਜਿਹਾ ਜਨਤਕ ਸਮਰਥਨ ਹਾਸਲ ਨਹੀਂ ਕਰ ਸਕਦੇ । ਇਸ ਲਈ, ਤਿੰਨੋਂ ਪਾਰਟੀਆਂ ਨੇ ਮੈਨੂੰ ਧਾਰਮਿਕ ਆਧਾਰ ’ਤੇ ਬਦਨਾਮ ਕਰਨ ਦੇ ਇੱਕੋ ਇੱਕ ਮਕਸਦ ਨਾਲ ਹੱਥ ਮਿਲਾ ਲਿਆ ਹੈ। ਪਰ ਅੰਤ ਵਿਚ, ਲੋਕ ਹੀ ਆਖ਼ਰੀ ਫ਼ੈਸਲਾ ਸੁਣਾਉਣਗੇ। ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਗ੍ਰਾਮ ਪੰਚਾਇਤ ਝਲੂਰ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ।ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਸਰਪੰਚ ਪ੍ਰਗਟ ਸਿੰਘ ਲਾਡੀ ਅਤੇ ਹੋਰ ਆਗੂ ਤੇ ਪਤਵੰਤੇ ਹਾਜ਼ਰ ਸਨ।