ਬਰਨਾਲਾ, 26 ਜੂਨ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸ਼ਹਿਰ ਵਿਚ ਸਵੱਛ ਭਾਰਤ ਮੁਹਿੰਮ ਦੀਆਂ ਉੱਡ ਰਹੀਆਂ ਧੱਜੀਆਂ ਅਤੇ ਜਨਤਕ ਸਹੂਲਤਾਂ ਦੀ ਮਾੜੀ ਹਾਲਤ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸ਼ਹੀਦ ਭਗਤ ਸਿੰਘ ਪਾਰਕ ਕਮੇਟੀ ਦੇ ਪ੍ਰਧਾਨ ਮਹੇਸ਼ ਕੁਮਾਰ ਲੋਟਾ ਨੇ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਮੋਰਚਾ ਖੋਲਿ੍ਹਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸਵੱਛ ਭਾਰਤ ਮੁਹਿੰਮ ਸਿਰਫ਼ ਕਾਗ਼ਜ਼ੀ ਕਾਰਵਾਈ ਅਤੇ ਫ਼ੋਟੋਆਂ ਖਿਚਵਾਉਣ ਤੱਕ ਹੀ ਸੀਮਤ ਰਹਿ ਗਈ ਹੈ ਜਦੋਂ ਕਿ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਨਗਰ ਨਿਗਮ ਬਰਨਾਲਾ ਦੇ ਅਧਿਕਾਰੀਆਂ ਦੀ ਕਥਿਤ ਲਾਪਰਵਾਹੀ ਕਾਰਨ ਜਨਤਾ ਦੇ ਪੈਸੇ ਦੀ ਬਰਬਾਦੀ ਹੋ ਰਹੀ ਹੈ। ਮਹੇਸ਼ ਲੋਟਾ ਨੇ ਦੱਸਿਆ ਕਿ ਸ਼ਹਿਰ ਦੇ ਪ੍ਰਮੁੱਖ ਸ਼ਹੀਦ ਭਗਤ ਸਿੰਘ ਪਾਰਕ, ਬਾਬਾ ਆਲਾ ਸਿੰਘ ਪਾਰਕ ਸਮੇਤ ਕਈ ਹੋਰ ਜਨਤਕ ਥਾਵਾਂ ’ਤੇ ਲੱਖਾਂ ਰੁਪਏ ਖ਼ਰਚ ਕੇ ਆਧੁਨਿਕ ਜਨਤਕ ਪਾਖਾਨੇ (ਟਾਇਲਟ) ਬਣਾਏ ਗਏ ਸਨ। ਪਰ ਅਫ਼ਸੋਸ ਦੀ ਗੱਲ ਹੈ ਕਿ ਇਹ ਪਾਖਾਨੇ ਅਕਸਰ ਬੰਦ ਰਹਿੰਦੇ ਹਨ ਅਤੇ ਇਨ੍ਹਾਂ ਨੂੰ ਜਿੰਦਰੇ ਲਟਕ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਵਿਚੋਂ ਲੋਕਾਂ ਦੀ ਸਹੂਲਤ ਲਈ ਪੈਸਾ ਖ਼ਰਚਿਆ ਗਿਆ ਸੀ, ਪਰ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਇਹ ਪ੍ਰੋਜੈਕਟ ਹੁਣ ਚਿੱਟਾ ਹਾਥੀ ਸਾਬਤ ਹੋ ਰਹੇ ਹਨ, ਜੋ ਕਿ ਸਿੱਧੇ ਤੌਰ ’ਤੇ ਸਰਕਾਰੀ ਪੈਸੇ ਦੀ ਬਰਬਾਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਪਾਰਕ ਵਿਚ ਰੋਜ਼ਾਨਾ ਸੈਂਕੜੇ ਸ਼ਹਿਰ ਵਾਸੀ ਜਿਨ੍ਹਾਂ ਵਿਚ ਬਜ਼ੁਰਗ, ਬੱਚੇ ਅਤੇ ਮਹਿਲਾਵਾਂ ਸੈਰ ਕਰਨ ਅਤੇ ਮਨੋਰੰਜਨ ਲਈ ਆਉਂਦੇ ਹਨ। ਪਾਖਾਨੇ ਬੰਦ ਰਹਿਣ ਕਾਰਨ ਸਭ ਤੋਂ ਵੱਧ ਮੁਸ਼ਕਲ ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਝੱਲਣੀ ਪੈ ਰਹੀ ਹੈ। ਪ੍ਰਸ਼ਾਸਨ ਦੀ ਇਸ ਨਾਕਾਮੀ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਹੇਸ਼ ਲੋਟਾ ਨੇ ਕਿਹਾ ਕਿ ਸੂਬੇ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਲੋਕਾਂ ਦੀਆਂ ਇਨ੍ਹਾਂ ਬੁਨਿਆਦੀ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਹੈ। ਚੋਣਾਂ ਵੇਲੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਆਗੂ ਹੁਣ ਜਨਤਾ ਦੀ ਸਾਰ ਲੈਣ ਤੋਂ ਵੀ ਗੁਰੇਜ਼ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਬੰਦ ਪਏ ਜਨਤਕ ਪਾਖਾਨਿਆਂ ਨੂੰ ਤੁਰੰਤ ਆਮ ਲੋਕਾਂ ਲਈ ਖੋਲਿ੍ਹਆ ਜਾਵੇ ਅਤੇ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਨਗਰ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੱਖਣ ਲਾਲ, ਜਸਪਾਲ ਸਿੰਘ ਚੀਨਾ, ਕੇਵਲ ਕ੍ਰਿਸ਼ਨ, ਸੱਤਪਾਲ, ਕਾਲਾ, ਨਾਥੀ ਰਾਮ ਸੰਘੇੜਾ, ਨਿੱਕਾ ਸਿੰਘ ਆਦਿ ਸ਼ਹਿਰ ਵਾਸੀ ਵੀ ਮੌਜੂਦ ਸਨ।