ਬਰਨਾਲਾ, 26 ਜੂਨ (ਰਾਜ ਪਨੇਸਰ)-ਸਥਾਨਕ ਅਨਾਜ ਮੰਡੀ ਬਰਨਾਲਾ ਵਿਖੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਚੋਰ, ਲੁਟੇਰਿਆਂ, ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮੰਗਲਦੀਪ ਪੁੱਤਰ ਬਾਵਾ ਸਿੰਘ ਵਾਸੀ ਦਰਾਜ (ਤਪਾ), ਕ੍ਰਿਸ਼ਨ ਪੁੱਤਰ ਜੰਗੀਰ ਸਿੰਘ ਵਾਸੀ ਬਰਨਾਲਾ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ। ਜੋ ਕਿ ਅੱਜ ਵੀ ਅਨਾਜ ਮੰਡੀ ਬਰਨਾਲਾ ਵਿਖੇ ਬੈਠੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋ ਜਣਿਆਂ ਨੂੰ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।