ਟੱਲੇਵਾਲ, 27 ਜੂਨ (ਸੋਨੀ ਚੀਮਾ)- ਪੰਜਾਬ ਸਰਕਾਰ ਵਲੋਂ ‘ਮੇਰੀ ਰਸੋਈ’ ਯੋਜਨਾ ਤਹਿਤ ਲੋੜਵੰਦਾਂ ਨੂੰ ਪੌਸ਼ਟਿਕ ਫੂਡ ਕਿੱਟਾਂ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਕੜੀ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਚੂੰਘਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਕਿੱਟਾਂ ਦੀ ਵੰਡ ਕੀਤੀ ਗਈ । ਇਸ ਮੌਕੇ ਪੰਚ ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਸਾਲ ਵਿਚ ਚਾਰ ਵਾਰ ਵਿਸ਼ੇਸ਼ ਫੂਡ ਕਿੱਟਾਂ ਪ੍ਰਾਪਤ ਹੋਣਗੀਆਂ, ਜਿਸ ਨਾਲ ਘਰ-ਘਰ ਤੱਕ ਸ਼ੁੱਧ ਅਤੇ ਮਿਆਰੀ ਰਾਸ਼ਨ ਪਹੁੰਚੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮੇਰੀ ਰਸੋਈ’ ਯੋਜਨਾ ਸੂਬੇ ਦੇ ਆਮ ਲੋਕਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਇਕ ਨਵੇਂ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਪੌਸ਼ਟਿਕ ਕਿੱਟਾਂ ਦੌਰਾਨ ਵੰਡੇ ਜਾ ਰਹੇ ਰਾਸ਼ਨ ਦੀ ਮੁੱਖ ਸਮੱਗਰੀ ਵਿਚ 2 ਕਿੱਲੋ ਚੀਨੀ, 2 ਕਿੱਲੋ ਛੋਲਿਆਂ ਦੀ ਦਾਲ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ, 1 ਕਿੱਲੋ ਨਮਕ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਹਾਜ਼ਰ ਲੋੜਵੰਦ ਪਰਿਵਾਰਾਂ ਵਿਚ ਭਾਰੀ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ। ਲਾਭਪਾਤਰੀਆਂ ਦਾ ਮੰਨਣਾ ਹੈ ਕਿ ਇਸ ਸੁਵਿਧਾ ਨਾਲ ਉਨ੍ਹਾਂ ਦੇ ਘਰ ਦੇ ਖ਼ਰਚਿਆਂ ਵਿਚ ਵੱਡੀ ਰਾਹਤ ਮਿਲੀ ਹੈ ਅਤੇ ਲੋਕ ਪੰਜਾਬ ਸਰਕਾਰ ਦੇ ਇਸ ਲੋਕ-ਭਲਾਈ ਕਦਮ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਜੋਗਿੰਦਰ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਕੁਲਵਿੰਦਰ ਕੌਰ ਪੰਚ, ਮਹਿੰਦਰ ਸਿੰਘ ਪੰਚ, ਹਰਪ੍ਰੀਤ ਕੌਰ ਪੰਚ, ਸਰਬਜੀਤ ਕੌਰ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਗੁਰਭਗਤ ਸਿੰਘ, ਜਸਦੀਪ ਸਿੰਘ, ਜਗਸੀਰ ਸਿੰਘ, ਮੇਜਰ ਸਿੰਘ, ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ ਆਦਿ ਵੀ ਹਾਜ਼ਰ ਸਨ ।