ਸੰਦੌੜ, 29 ਜੂਨ (ਜਸਵੀਰ ਸਿੰਘ ਜੱਸੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਪੰਚਾਂ ਨੂੰ ਹਰ ਮਹੀਨੇ 10,000 ਮਾਣ ਭੱਤਾ ਦੇਣ ਦੇ ਐਲਾਨ ਦਾ ਹਲਕਾ ਮਲੇਰਕੋਟਲਾ ਦੇ ਸਰਪੰਚਾਂ ਨੇ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ। ਇਸ ਮੌਕੇ ਪੀਏ ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਸਰਪੰਚ ਅਮਨਦੀਪ ਸਿੰਘ ਬੁਧਰਾਵਾਂ, ਸਰਪੰਚ ਕੁਲਦੀਪ ਸਿੰਘ ਮਿੱਠੇਵਾਲ, ਸਰਪੰਚ ਕੁਲਵੀਰ ਸਿੰਘ ਮਾਣਕ ਖੁਰਦ, ਸਰਪੰਚ ਗੁਰਮੁਖ ਸਿੰਘ ਫਰਵਾਲੀ, ਸਰਪੰਚ ਹਰਜੀਤ ਸਿੰਘ ਭੂਦਨ ਅਤੇ ਸਰਪੰਚ ਹਰਬੰਸ ਸਿੰਘ ਬਾਪਲਾ, ਸਰਪੰਚ ਸੁਖਦੇਵ ਸਿੰਘ ਮਾਣਕੀ ਨੇ ਸਾਂਝੇ ਤੌਰ ‘ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਜੋ ਮਾਣ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ, ਉਸ ਨਾਲ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਮਨੋਬਲ ਹੋਰ ਉੱਚਾ ਹੋਵੇਗਾ ਅਤੇ ਉਹ ਲੋਕ ਸੇਵਾ ਨੂੰ ਹੋਰ ਸਮਰਪਿਤ ਭਾਵਨਾ ਨਾਲ ਨਿਭਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਪੰਚਾਇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲੈ ਰਹੀ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਪੇਂਡੂ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਬੋਲਦਿਆਂ ਉਨ੍ਹਾਂ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕ ਡਾ. ਜਮੀਲ ਉਰ ਰਹਿਮਾਨ ਹਲਕੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ ਅਤੇ ਸੜਕਾਂ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ। ਅੰਤ ਵਿੱਚ ਸਮੂਹ ਸਰਪੰਚਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਿੰਡਾਂ ਦੇ ਵਿਕਾਸ ਅਤੇ ਪੰਚਾਇਤੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਇਸੇ ਤਰ੍ਹਾਂ ਲੋਕ-ਪੱਖੀ ਫ਼ੈਸਲੇ ਲਏ ਜਾਂਦੇ ਰਹਿਣਗੇ।