ਬਰਨਾਲਾ, 30 ਜੂਨ (ਰਾਜ ਪਨੇਸਰ)- ਦੇਸ਼ ਵਿਚ ਲਗਾਤਾਰ ਪੇਪਰ ਲੀਕ ਹੋਣ ਦਾ ਮੁੱਦਾ ਕੋਈ ਸਿਆਸੀ ਮੁੱਦਾ ਨਹੀਂ ਹੈ, ਸਗੋਂ ਇਹ ਇਕ ਵੱਡਾ ‘ਸਕੈਮ’ ਹੈ ਜਿਹੜਾ ਪੂਰਾ ਯੋਜਨਾਬੱਧ ਤਰੀਕੇ ਨਾਲ ਚਲਾਇਆ ਜਾ ਰਿਹਾ, ਜਿਸ ਨਾਲ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਮੋਹਿਤ ਮਹਿੰਦਰਾ ਨੇ ਬਰਨਾਲਾ ਵਿਖੇ ਇਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ । ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੇਪਰ ਲੀਕ ਦਾ ਮੁੱਦਾ ਰਾਹੁਲ ਗਾਂਧੀ ਨੇ ਆਪਣੇ ਹੱਥ ਵਿਚ ਲੈ ਕੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਇਕ ਵੱਡੀ ਲੜਾਈ ਸ਼ੁਰੂ ਕੀਤੀ ਹੈ, ਜਿਸ ਤਹਿਤ ਹੈਰਾਨੀਜਨਕ ਖ਼ੁਲਾਸੇ ਸਾਹਮਣੇ ਆ ਰਹੇ ਹਨ ਕਿ ਮੁਲਕ ਦੇ ਨੌਜਵਾਨਾਂ ਦੇ ਭਵਿੱਖ ਨਾਲ ਪੂਰੇ ਯੋਜਨਾਬੱਧ ਤਰੀਕੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਦੇਸ਼ ਵਿਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੈ ਕੇ ਹੁਣ ਤੱਕ 90 ਪੇਪਰ ਲੀਕ ਹੋਏ ਹਨ, ਐਨੀ ਵੱਡੀ ਗਿਣਤੀ ਵਿਚ ਪੇਪਰ ਲੀਕ ਹੋਣ ਤੋਂ ਸਪੱਸ਼ਟ ਹੈ ਕਿ ਇਹ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਹਨ । ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਨਾਲ ਇਕ ਵੱਡਾ ਧੋਖਾ ਹੈ ਕਿਉਂਕਿ ਮਾਪੇ ਲੱਖਾਂ ਰੁਪਏ ਖ਼ਰਚ ਕਰ ਕੇ ਆਪਣੇ ਨੌਜਵਾਨ ਧੀਆਂ-ਪੁੱਤਰਾਂ ਨੂੰ ਕੋਚਿੰਗ ਦਿਵਾਉਂਦੇ ਹਨ ਪ੍ਰੰਤੂ ਜਦੋਂ ਪੇਪਰ ਲੀਕ ਹੋਣ ਵਰਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਅਜਿਹੇ ਮਾਪੇ ਅਤੇ ਨੌਜਵਾਨ ਲੁੱਟੇ ਹੋਏ ਮਹਿਸੂਸ ਕਰਦੇ ਹਨ । ਸ੍ਰੀ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੇਪਰ ਲੀਕ ਹੋਣ ਤੋਂ ਬਾਅਦ ਨੌਜਵਾਨ ਮੁੰਡੇ ਕੁੜੀਆਂ ਵਲੋਂ ਆਤਮ ਹੱਤਿਆ ਦੀਆਂ ਘਟਨਾਵਾਂ ਇਹ ਸਿੱਧ ਕਰਦੀਆਂ ਹਨ ਕਿ ਪੇਪਰ ਲੀਕ ਹੋਣ ਦਾ ਮੁੱਦਾ ਨੌਜਵਾਨਾਂ ਦਾ ਮਾਨਸਿਕ ਹੀ ਨਹੀਂ ਸਗੋਂ ਸਮਾਜਿਕ ਤੇ ਆਰਥਿਕ ਸ਼ੋਸ਼ਣ ਵੀ ਹੈ ਜਿਸ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਮੋਹਿਤ ਮਹਿੰਦਰਾ ਨੇ ਪੰਜਾਬ ਦੇ ਨੌਜਵਾਨ ਵਰਗ ਨੂੰ ਸੱਦਾ ਦਿੱਤਾ ਕਿ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਇਹ ਲੜਾਈ ਸਮੁੱਚੇ ਨੌਜਵਾਨ ਵਰਗ ਲਈ ਹੈ, ਜਿਹੜੀ ਭਵਿੱਖ ਵਿਚ ਪੇਪਰ ਲੀਕ ਹੋਣ ਵਰਗੇ ਵੱਡੇ ਘਪਲੇ ਨੂੰ ਰੋਕਣ ਲਈ ਫ਼ੈਸਲਾਕੁਨ ਹੋਵੇਗੀ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੇ ਨਿਰਦੇਸ਼ਾਂ ’ਤੇ ਸਮੁੱਚੇ ਪੰਜਾਬ ’ਚ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਪੇਪਰ ਲੀਕ ਹੋਣ ਦੇ ਮੁੱਦੇ ’ਤੇ ਅੱਜ ਪ੍ਰੈੱਸ ਕਾਨਫ਼ਰੰਸਾਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਜ਼ਿਲ੍ਹਾ ਹੈੱਡਕੁਆਟਰ ’ਤੇ ਇਹ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੁਲਕ ਦੇ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿਚ ਅਸਫਲ ਰਹੀ ਹੈ । ਇਸ ਮੌਕੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਪੱਤੀ ਸੇਖਵਾਂ, ਕੁਲਦੀਪ ਸਿੰਘ ਗੁੱਗ (ਸੰਧੂ ਖੇਤੀ ਸੇਵਾ ਸੈਂਟਰ ਵਾਲੇ), ਸੂਰਤ ਸਿੰਘ ਬਾਜਵਾ, ਧੰਨਾ ਸਿੰਘ ਗਰੇਵਾਲ, ਪਰਮਿੰਦਰ ਸਿੰਘ ਬੀਰੀ ਗਿੱਲ, ਵਰੁਣ ਬੱਤਾ, ਰਾਜਵਿੰਦਰ ਸਿੰਘ ਸੀਤਲ, ਬਿੱਟੂ ਸ਼ਰਮਾ (ਪੀ.ਏ.), ਜਸਕਰਨ ਸਿੰਘ, ਬਲਵੰਤ ਸ਼ਰਮਾ, ਡਿੰਪਲ ਉਪਲੀ, ਜਗਤਾਰ ਸਿੰਘ ਪੱਖੋ, ਸੁਖਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।