ਮਹਿਲ ਕਲਾਂ, 1 ਜੁਲਾਈ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 34.51 ਕਰੋੜ ਰੁਪਏ ਦੀ ਲਾਗਤ ਨਾਲ ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਜੈਕਟ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਰੱਖਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਅਹਿਮ ਪ੍ਰੋਜੈਕਟ ਤਹਿਤ 60.66 ਕਿਲੋਮੀਟਰ ਲੰਬੇ ਇਸ ਜਲਮਾਰਗ ਦਾ ਨਵੀਨੀਕਰਨ ਕੀਤਾ ਜਾਵੇਗਾ, ਜੋ ਕਿ ਅਕਤੂਬਰ 2026 ਤੱਕ ਮੁਕੰਮਲ ਹੋ ਜਾਵੇਗਾ। ਰਜਵਾਹੇ ਦੀ ਕੰਕਰੀਟ ਲਾਈਨਿੰਗ ਹੋਣ ਨਾਲ ਇਸ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਤੱਕ ਵਧ ਜਾਵੇਗੀ, ਜਿਸ ਨਾਲ ਮੌਜੂਦਾ 150.40 ਕਿਊਸਿਕ ਦੀ ਸਮਰੱਥਾ ਵਧ ਕੇ 170.61 ਕਿਊਸਿਕ ਹੋ ਜਾਵੇਗੀ। ਇਸ ਨਵੀਨੀਕਰਨ ਨਾਲ ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲਿ੍ਹਆਂ ਦੇ 42 ਪਿੰਡਾਂ ਦੇ 50,819 ਏਕੜ ਰਕਬੇ ਲਈ ਸਿੰਚਾਈ ਸਹੂਲਤਾਂ ਵਿੱਚ ਸੁਧਾਰ ਯਕੀਨੀ ਬਣੇਗਾ, ਜਿਸ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਕਾਫੀ ਹੱਦ ਤੱਕ ਘਟੇਗੀ। ਮੁੱਖ ਮੰਤਰੀ ਮਾਨ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਇਹ ਪ੍ਰੋਜੈਕਟ ਡਾਰਕ ਜ਼ੋਨ ਖੇਤਰ ਲਈ ਵਰਦਾਨ ਸਾਬਤ ਹੋਵੇਗਾ, ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾ ਚਲੇ ਜਾਣ ਕਰਕੇ ਮਹਿਲ ਕਲਾਂ ਬਲਾਕ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ, ਜਿੱਥੋਂ ਦੇ ਕਿਸਾਨਾਂ ਨੂੰ ਇਸ ਨਾਲ ਵੱਡੀ ਰਾਹਤ ਮਿਲੇਗੀ। ਇਸ ਵਾਟਰਕੋਰਸ ਦੇ ਪਿਛੋਕੜ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮਲੇਰਕੋਟਲਾ ਤੋਂ ਸ਼ੁਰੂ ਹੋਣ ਵਾਲੇ ਕਲਿਆਣ ਰਜਵਾਹੇ ਨੂੰ 1980 ਦੇ ਦਹਾਕੇ ਦੌਰਾਨ ਇੱਟਾਂ ਨਾਲ ਪੱਕਾ ਕੀਤਾ ਗਿਆ ਸੀ, ਪਰ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਸਮੇਂ ਦੇ ਨਾਲ ਖਸਤਾਹਾਲ ਹੋ ਗਿਆ ਅਤੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨ ਦੇ ਯੋਗ ਨਹੀਂ ਰਿਹਾ ਸੀ, ਜਿਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ ਸੀ। ਉਨ੍ਹਾਂ ਭਰੋਸਾ ਜਤਾਇਆ ਕਿ ਇਹ ਨਵਾਂ ਪ੍ਰਾਜੈਕਟ ਬਿਹਤਰ ਸਿੰਚਾਈ ਸਹੂਲਤਾਂ ਯਕੀਨੀ ਬਣਾਏਗਾ, ਜਿਸ ਨਾਲ ਖੇਤੀਬਾੜੀ ਦੀ ਉਤਪਾਦਕਤਾ ਵਿੱਚ ਸੁਧਾਰ ਹੋਣ ਦੇ ਨਾਲ- ਨਾਲ ਫਸਲਾਂ ਦਾ ਝਾੜ ਵੀ ਵਧੇਗਾ। ਇਸ ਮੌਕੇ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ, ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ, ਸੰਮਤੀ ਮੈਂਬਰ ਦਵਿੰਦਰ ਸਿੰਘ ਧਨੋਆ, ਦਵਿੰਦਰ ਸਿੰਘ ਬਧੇਸ਼ਾ, ਸਰਪੰਚ ਜਤਿੰਦਰਪਾਲ ਸਿੰਘ ਪੰਡੋਰੀ ਆਦਿ ਹਾਜ਼ਰ ਸਨ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਦੇ ਪ੍ਰਾਜੈਕਟ ਦੀ ਸ਼ੁਰੂਆਤ
ਅਜੀਤ ਡੈਸਕ
02-07-2026