ਤਪਾ ਮੰਡੀ, 1 ਜੁਲਾਈ (ਪ੍ਰਵੀਨ ਗਰਗ)-ਮਾਂਵਾਂ-ਧੀਆਂ ਸਤਿਕਾਰ ਯੋਜਨਾ ਨਾਂਅ ਦੀ ਇਸ ਗਰੰਟੀ ਦੇ ਪੂਰਾ ਹੋਣ ਨਾਲ ਪੰਜਾਬ ਦੀਆਂ ਮਹਿਲਾਵਾਂ ਦਾ ਸਨਮਾਨ ਉੱਚਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਨਮਾਨ ਰਾਸ਼ੀ ਜਾਰੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਹੀ ਲੋਕ ਪੱਖੀ ਫ਼ੈਸਲੇ ਲੈਂਦੀ ਆਈ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਇਸ ਦਾ ਇਕ ਹੋਰ ਉਦਾਹਰਨ ਹੈ। ਮਹਿਲਾਵਾਂ ਪਰਿਵਾਰ ਅਤੇ ਸਮਾਜ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ, ਇਸ ਲਈ ਉਨ੍ਹਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਅਜਿਹੀਆਂ ਯੋਜਨਾਵਾਂ ਬਹੁਤ ਜ਼ਰੂਰੀ ਹਨ। ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਨਾ ਔਰਤਾਂ ਦੇ ਹੱਕਾਂ ਅਤੇ ਸਨਮਾਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਇਸ ਯੋਜਨਾ ਨਾਲ ਮਹਿਲਾਵਾਂ ਦੇ ਸਨਮਾਨ ਅਤੇ ਆਤਮ-ਵਿਸ਼ਵਾਸ ਵਿਚ ਵਾਧਾ ਹੋਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਯੋਜਨਾ ਨਾਲ ਔਰਤਾਂ ਦੀ ਆਰਥਿਕ ਸਥਿਤੀ ਵਿਚ ਸੁਧਾਰ ਆਵੇਗਾ ਅਤੇ ਉਨ੍ਹਾਂ ਦਾ ਸਮਾਜਿਕ ਸਨਮਾਨ ਹੋਰ ਵਧੇਗਾ।