ਬਰਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਆਖ਼ਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਤਿੰਨ ਮਹੀਨਿਆਂ ਦੀ ਰਾਸ਼ੀ ਔਰਤਾਂ ਦੇ ਬੈਂਕ ਖਾਤਿਆਂ ਵਿਚ ਆ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟਰਾਂਸਫ਼ਰ ਕੀਤੀ ਗਈ ਹੈ ਜਿਸ ਤਹਿਤ ਹਰੇਕ ਔਰਤ ਨੂੰ 3000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4500 ਰੁਪਏ ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ‘ਸਤਿਕਾਰ ਰਾਸ਼ੀ’ ਸ਼ੁਰੂ ਕੀਤੀ ਗਈ ਹੈ, ਜਦੋਂਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਯੋਜਨਾ ਦੇ ਲਾਗੂ ਹੋਣ ਨਾਲ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਇਕੱਠੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਟਰਾਂਸਫ਼ਰ ਕਰ ਦਿੱਤੀ ਗਈ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਸਵਾ ਲੱਖ ਦੇ ਕਰੀਬ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਅੱਗੇ ਵੀ ਰਜਿਸਟਰੇਸ਼ਨ ਪ੍ਰਕਿਰਿਆ ਜਾਰੀ ਰਹੇਗੀ ਅਤੇ ਹਰ ਰਜਿਸਟਰਡ ਔਰਤ ਨੂੰ ਇਹ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਔਰਤਾਂ ਨੂੰ ਵਿੱਤੀ ਅਤੇ ਸਮਾਜਿਕ ਤੌਰ ਉੱਤੇ ਮਜ਼ਬੂਤ ਬਣਾਉਣ ਲਈ ਕਦਮ ਹੈ। ਉਨ੍ਹਾਂ ਕਿਹਾ ਕਿ ਔਰਤਾਂ ਸਭ ਤੋਂ ਵੱਧ ਸਨਮਾਨ ਦੀਆਂ ਹੱਕਦਾਰ ਹਨ ਕਿਉਂਕਿ ਉਹ ਸਾਡੇ ਪਰਿਵਾਰਾਂ ਦਾ ਵਜੂਦ ਹਨ।