ਬਰਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿਚ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਜਲਦੀ ਹੀ ਵਿਸ਼ੇਸ਼ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਪ੍ਰੋਜੈਕਟ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੰਚਾਇਤੀ ਰਾਜ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਫੁੱਟ & 8 ਫੁੱਟ ਦੀ ਵੱਡੀ ਐਲ.ਈ.ਡੀ ਸਕਰੀਨ ਵਾਲੀ ਵੈਨ ਜ਼ਿਲ੍ਹਾ ਬਰਨਾਲਾ ਦੇ ਸਾਰੇ ਪਿੰਡਾਂ ਨੂੰ ਕਵਰ ਕਰੇਗੀ ਅਤੇ ਰੋਜ਼ਾਨਾ ਦੋ ਪਿੰਡਾਂ ਵਿਚ ਇਸ ਵੈਨ ਰਾਹੀਂ ਇਹ ਦਸਤਾਵੇਜ਼ੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜ਼ੀ 30 ਮਿੰਟ ਦੀ ਹੋਵੇਗੀ। ਉਨ੍ਹਾਂ ਸਮੂਹ ਬੀਡੀਪੀਓਜ਼ ਨੂੰ ਹਦਾਇਤ ਕੀਤੀ ਕਿ ਉਹ ਵੈਨ ਦਾ ਸ਼ਡਿਊਲ ਅਤੇ ਪਿੰਡਾਂ ਵਿਚ ਢੁਕਵੇਂ ਸਥਾਨਾਂ ਦੀ ਪਛਾਣ ਕਰਨ। ਉਨ੍ਹਾਂ ਕਿਹਾ ਕਿ ਸੰਗਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।