03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬਰਾਈਟ ਮਾਈਂਡਜ਼ ਪੰਜਾਬ-2026 ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵਲੋਂ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ

Ad Position 21
No active advertisement
ਅਜੀਤ ਡੈਸਕ 04-07-2026
ਬਰਨਾਲਾ, 3 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੇ ਬਣਾਇਆ ਜਾ ਰਿਹਾ ਹੈ ਅਤੇ ਜਲਦ ਹੀ ਸਕੂਲਾਂ ਵਿਚ ਏ.ਆਈ. ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਨਾਲ ਸਾਡਾ ਸੂਬਾ ਸਿੱਖਿਆ ਖੇਤਰ ਦੀਆਂ ਮੋਹਰੀ ਸਫ਼ਾਂ ਵਿਚ ਸ਼ਾਮਲ ਹੋਵੇਗਾ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਕਪਿਲ ਪੈਲੇਸ ਵਿਚ ਬਰਾਈਟ ਮਾਈਂਡਜ਼ ਪੰਜਾਬ-2026 ਤਹਿਤ ਕਰਵਾਏ ਵਿਦਿਆਰਥੀਆਂ ਦੇ ਰੂ-ਬ-ਰੂ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਹੈ। ਇਸ ਮੌਕੇ 12ਵੀਂ ਜਮਾਤ ਵਿਚ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦੇ ਹੋਏ ਕਿਹਾ ਕਿ ਅੱਜ ਸਾਡੇ ਸਕੂਲ ਅਤੇ ਸਕੂਲੀ ਵਿਦਿਆਰਥੀ ਬੁਲੰਦੀਆਂ ਹਾਸਲ ਕਰ ਰਹੇ ਹਨ ਅਤੇ ਇਸ ਸਮਾਗਮ ਦਾ ਮਕਸਦ ਵਿਦਿਆਰਥੀਆਂ ਦੇ ਸੁਝਾਅ ਲੈਣਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਿੱਖਿਆ ਪ੍ਰਣਾਲੀ ਨੂੰ ਥਿਊਰੀ ਦੀ ਬਜਾਏ ਪ੍ਰੈਕਟੀਕਲ ਆਧਾਰਿਤ ਕਰਨ ਉੱਤੇ ਵੀ ਕੰਮ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਰਟੀਫੀਸ਼ਿਅਲ ਇੰਟੈਲੀਜੈਂਸ (ਏ.ਆਈ.) ਦਾ ਪਾਠਕ੍ਰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਉਹ ਅੱਗੇ ਜਾ ਕੇ ਇਸ ਗਲੋਬਲ ਮਾਰਕੀਟ ਵਿਚ ਆਪਣਾ ਸਿੱਕਾ ਜਮਾ ਸਕਣ। ਆਉਣ ਵਾਲੇ ਸਮੇਂ ਵਿਚ ਪੰਜਾਬ ਸਿੱਖਿਆ ਦੇ ਖੇਤਰ ਵਿਚ ਹੋਰ ਵੀ ਉਚਾਈਆਂ ਛੂਹੇਗਾ। ਉਨ੍ਹਾਂ ਜ਼ਿਲ੍ਹਾ ਬਰਨਾਲਾ ਦੀ ਗੱਲ ਕਰਦੇ ਹੋਏ ਕਿਹਾ ਕਿ ਇਲਾਕੇ ਵਿਚ ਉਚੇਰੀ ਸਿੱਖਿਆ ਵਾਸਤੇ ਧਨੌਲਾ ਵਿਚ ਨਵਾਂ ਕਾਲਜ ਜਲਦ ਬਣਾਇਆ ਜਾਵੇਗਾ। ਜਿਸ ਵਾਸਤੇ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵੀ ਪਿਛਲੇ ਕਾਫ਼ੀ ਸਮੇਂ ਤੋਂ ਯਤਨਸ਼ੀਲ ਸਨ। ਸਮਾਗਮ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿਚ ਵੱਡੇ ਪੱਧਰ ਸੁਧਾਰ ਲਿਆਉਣ ਲਈ ਲਗਾਤਾਰ ਕੰਮ ਕਰਨਾ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੇ ਬਣਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿੱਖਿਆ ਪ੍ਰਣਾਲੀ ਵਿਚ ਵਿਆਪਕ ਸੁਧਾਰ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀ ਸਾਡਾ ਭਵਿਖ ਹਨ ਅਤੇ ਦੇਸ਼ ਦੀ ਤਰੱਕੀ ਉਸ ਦੀ ਸਿੱਖਿਆ ਪ੍ਰਣਾਲੀ ਉੱਤੇ ਨਿਰਭਰ ਕਰਦੀ ਹੈ। ਇਸੇ ਲਈ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸ੍ਰੀ ਸਿਸੋਦੀਆ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਤਿਆਰ ਕਰਨਾ ਬਹੁਤ ਜ਼ਰੂਰੀ ਹੈ ਅਤੇ ਉਸ ਵਾਸਤੇ ਸਾਡੇ ਵਿਦਿਆਰਥੀਆਂ ਨੂੰ ਤਿਆਰ ਕਰ ਕੇ ਸਮੇਂ ਦੇ ਹਾਣ ਦੇ ਬਣਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਵੀ ਜਾਗਰੂਕ ਹੋਣ ਕਿ ਸਰਕਾਰ ਉਨ੍ਹਾਂ ਲਈ ਕਿਹੜੇ ਕਦਮ ਚੁੱਕ ਰਹੀ ਹੈ। ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਲਈ ਪ੍ਰੇਰਨਾਸਰੋਤ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਇਲਾਕੇ ਵਿਚ ਉਚੇਰੀ ਸਿੱਖਿਆ ਦਾ ਤੋਹਫ਼ਾ ਦਿੰਦਿਆਂ ਨਵਾਂ ਕਾਲਜ ਧਨੌਲਾ ਵਿਚ ਬਣਾਇਆ ਜਾਵੇਗਾ ਜਿਸ ਦਾ ਜਲਦ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ, ਸਕੱਤਰ ਸਿੰਘ ਬੱਲ ਡੀ.ਪੀ.ਆਈ. (ਸੈਕੰਡਰੀ ਸਿੱਖਿਆ), ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਨਿਗਮ ਦੇ ਮੇਅਰ ਹਸਨ ਭਾਰਦਵਾਜ, ਐਸ.ਡੀ.ਐਮ. ਡਾ. ਅਜੀਤਪਾਲ ਸਿੰਘ ਚਹਿਲ, ਡੀ.ਈ.ਓ. ਸੈਕੰਡਰੀ ਸਿੱਖਿਆ ਸੁਨੀਤਇੰਦਰ ਸਿੰਘ, ਡੀ.ਈ.ਓ. ਐਲੀਮੈਂਟਰੀ ਇੰਦੂ ਸਿਮਕ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀ ਨੇ ਧਾਰਿਆ ਝੀਲ ਦਾ ਰੂਪ ਅਗਲੀ ਖ਼ਬਰ ਪੰਜਾਬ ਵਿਚ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ- ਕੌਂਸਲਰ ਸ਼ਿਵਾਨੀ ਗੋਇਲ
Ad Position 24
No active advertisement