ਬਰਨਾਲਾ, 3 ਜੁਲਾਈ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੂਬੇ ਦੀ ਕਿਸਾਨੀ ਨਾਲ ਸਬੰਧਿਤ ਭਖਦੇ ਮੁੱਦਿਆਂ ਅਤੇ ਸਮੱਸਿਆਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਬੂਟਾ ਸਿੰਘ ਬੁਰਜਗਿੱਲ ਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੰਯੁਕਤ ਮੋਰਚੇ ਵਲੋਂ ਲੰਬੀ ਜੱਦੋ ਜਹਿਦ ਬਾਅਦ ਰੱਦ ਕਰਵਾਈ ਲੈਂਡ ਪੂਲਿੰਗ ਪਾਲਸੀ ਨੂੰ ਦੁਬਾਰਾ ਲਾਗੂ ਕਰਨ ਜਾ ਰਹੀ ਹੈ ਮਾਮੂਲੀ ਸੋਧਾਂ ਦੇ ਲਾਲਚ ’ਚ ਆ ਕੇ ਪੰਜਾਬ ਦੇ ਕਿਸਾਨ ਕਦੇ ਇਸ ਨੂੰ ਲਾਗੂ ਨਹੀਂ ਹੋਣ ਦੇਣਗੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਵੇਂ ਪੁਰਾਣੀ ਸ਼ਰਾਬ ਨੂੰ ਨਵੀਂ ਬੋਤਲ ’ਚ ਪਾ ਕੇ ਵੇਚਿਆ ਜਾਂਦਾ ਉਸੇ ਤਰ੍ਹਾਂ ਲੈਂਡ ਪੂਲਿੰਗ ਨੂੰ ਲਾਗੂ ਕਰਨਾ ਚਾਹੁੰਦੀ ਹੈ ਪਰ ਭਾਕਿਯੂ ਡਕੌਂਦਾ ਇਸ ਨੂੰ ਲਾਗੂ ਨਹੀਂ ਹੋਣ ਦੇਵੇਗੀ। ਆਗੂਆਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਦੂਜੇ ਦੇਸ਼ਾਂ ਨਾਲ ਕੀਤੇ ਗਏ ਸਮਝੌਤੇ ਅਤੇ ਪ੍ਰਸਤਾਵਿਤ ਅਮਰੀਕਾ-ਭਾਰਤ ਦੁਵੱਲੇ ਵਪਾਰ ਸਮਝੌਤੇ (ਬੀਟੀਏ) ਅਤੇ ਐਫ.ਟੀ.ਏ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ ਜਿਸ ਨਾਲ ਦੇਸ਼ ਦੀ ਕਿਸਾਨੀ, ਵਿਸ਼ਾਲ ਬਾਜ਼ਾਰ ਵਿਦੇਸ਼ੀ ਨਿਵੇਸ਼ਕਾਂ ਅਤੇ ਵਪਾਰੀਆਂ ਲਈ ਖੋਲਿ੍ਹਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕੀ ਵਿਸ਼ਵਵਿਆਪੀ ਪੂੰਜੀ ਅਤੇ ਵਪਾਰ ਦਾ ਫੈਲਾਅ ਘਰੇਲੂ ਬਾਜ਼ਾਰ ਅਤੇ ਆਰਥਿਕਤਾ ਨੂੰ ਤਬਾਹ ਕਰ ਦੇਵੇਗਾ। ਸਮਝੌਤੇ ਕਾਰਪੋਰੇਟਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਅਤੇ ਭਾਜਪਾ ਸਰਕਾਰ ਆਪਣੇ ਲੋਕਾਂ ਤੋਂ ਸਭ ਕੁੱਝ ਛੁਪਾ ਰਹੀ ਹੈ ਅਤੇ ਹੌਲੀ-ਹੌਲੀ ਟਰੰਪ ਸਰਕਾਰ ਅੱਗੇ ਆਤਮ ਸਮਰਪਣ ਕਰ ਰਹੀ ਹੈ ਨਾਲੇ ਵਿਦੇਸ਼ੀ ਵਪਾਰ ਲਈ ਖੇਤੀਬਾੜੀ ਅਤੇ ਡੇਅਰੀ ਖੇਤਰਾਂ ਨੂੰ ਖੋਲ੍ਹਣ ’ਤੇ ਤੁਲੀ ਹੋਈ ਹੈ। ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕੀ ਸੰਯੁਕਤ ਮੋਰਚੇ ਦੇ ਸੱਦੇ ਤੇ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪ੍ਰਸਾਵਿਤ ਬੀ.ਟੀ.ਏ ਅਤੇ ਐਫ.ਟੀ.ਏ ਵਿਰੁੱਧ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਜਿਸ ਵਿਚ ਜੱਥੇਬੰਦੀ ਵੱਧ ਚੜ ਕੇ ਸ਼ਮੂਲੀਅਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਾਨੀ ਪ੍ਰਧਾਨ ਮਹਰੂਮ ਬਲਕਾਰ ਸਿੰਘ ਡਕੌਂਦਾ ਦੀ ਬਰਸੀ 13 ਜੁਲਾਈ ਨੂੰ ਜ਼ਿਲ੍ਹਾ ਪੱਧਰ ’ਤੇ ਮਨਾਈ ਜਾਵੇਗੀ। ਇਸ ਮੌਕੇ ਰਾਮ ਸਿੰਘ ਮਟੋਰਡਾ ਸੂਬਾ ਖ਼ਜ਼ਾਨਚੀ, ਦਲਜਿੰਦਰ ਸਿੰਘ ਆਲੋਵਾਲ ਸੂਬਾ ਸਹਾਇਕ ਖ਼ਜ਼ਾਨਚੀ, ਬਲਦੇਵ ਸਿੰਘ ਭਾਈ ਰੂਪਾ, ਮਹਿੰਦਰ ਸਿੰਘ ਕਮਾਲਪੁਰਾ, ਕਰਮ ਸਿੰਘ ਬਲਿਆਲ, ਗੁਰਮੇਲ ਸਿੰਘ, ਦਰਸ਼ਨ ਸਿੰਘ ਉਗੋਕੇ, ਮਹਿੰਦਰ ਸਿੰਘ ਭੈਣੀ ਬਾਘਾ, ਰਾਜ ਮਹਿੰਦਰ ਸਿੰਘ, ਲਛਮਣ ਸਿੰਘ ਚੱਕ ਅਲੀਸ਼ੇਰ, ਸਿਕੰਦਰ ਸਿੰਘ ਭੂਰੇ, ਜਗਮੇਲ ਸਿੰਘ ਸੁੱਧੇਵਾਲ, ਗੁਰਬਚਨ ਸਿੰਘ, ਸਤਵੀਰ ਰਾਏ, ਭਾਤਾ ਸਿੰਘ ਮਰਖਾਈ, ਜਸਵਿੰਦਰ ਸਿੰਘ ਮੋਗਾ ਆਦਿ ਆਗੂ ਹਾਜ਼ਰ ਸਨ।