ਤਪਾ ਮੰਡੀ, 5 ਜੁਲਾਈ (ਪ੍ਰਵੀਨ ਗਰਗ)-ਨਸ਼ੇ ਦੀ ਚੇਨ ਨੂੰ ਤੋੜਨ ਦੇ ਲਈ ਸਮੇਂ-ਸਮੇਂ ’ਤੇ ਪੁਲਿਸ ਵਲੋਂ ਅਪਰੇਸ਼ਨ ਚਲਾ ਕੇ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦੇ ਚੱਲਦੇ ਅੱਜ ਤਪਾ ਦੇ ਵੱਖ-ਵੱਖ ਇਲਾਕਿਆਂ ’ਚ ਅਪਰੇਸ਼ਨ ਕਾਸੋ ਤਹਿਤ ਚੈਕਿੰਗ ਅਭਿਆਨ ਚਲਾਇਆ ਗਿਆ। ਜਿਸ ਦੇ ਚੱਲਦਿਆਂ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਲੋਕਾਂ ਨੂੰ ਇਹ ਸੁਨੇਹਾ ਦੇਣ ਦੀ ਵੀ ਕੋਸ਼ਿਸ਼ ਕੀਤੀ ਗਈ ਕਿ ਜੇਕਰ ਕੋਈ ਨਸ਼ੇ ਦੇ ਕਾਰੋਬਾਰ ਦੇ ਵਿਚ ਸ਼ਾਮਿਲ ਮਿਲਿਆ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ. (ਡੀ) ਅਸ਼ੋਕ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਕਾਸੋ ਅਪਰੇਸ਼ਨ ਦੌਰਾਨ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਤਪਾ ਸਬ ਇੰਸਪੈਕਟਰ ਅਮਰੀਕ ਸਿੰਘ ਗਰੇਵਾਲ ਅਤੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਦੀ ਅਗਵਾਈ ’ਚ ਪੁਲਿਸ ਵਲੋਂ ਅਨੰਦਪੁਰ ਬਸਤੀ, ਢਿਲਵਾਂ ਰੋਡ, ਘੜੈਲੀ ਰੋਡ ਅਤੇ ਬਾਜ਼ੀਗਰ ਬਸਤੀ ਆਦਿ ਇਲਾਕਿਆਂ ਵਿਚ ਕਾਸੋ ਅਪਰੇਸ਼ਨ ਚਲਾਇਆ ਗਿਆ, ਜਿੱਥੇ ਉਨ੍ਹਾਂ ਸ਼ੱਕੀ ਵਿਅਕਤੀਆਂ ਅਤੇ ਘਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਮਿਲਦਾ ਹੈ ਤਾਂ ਉਸ ਕੋਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਠੱਲ੍ਹ ਪਾਈ ਜਾ ਸਕੇ। ਆਉਣ ਵਾਲੇ ਸਮੇਂ ਦੇ ਵਿਚ ਵੀ ਅਜਿਹੇ ਅਪਰੇਸ਼ਨ ਚੱਲਦੇ ਰਹਿਣਗੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੇ ਕੋਹੜ ਤੋਂ ਬਾਹਰ ਕੱਢਿਆ ਜਾ ਸਕੇ। ਇਸ ਤੋਂ ਇਲਾਵਾ ਐਸ.ਪੀ. ਅਸ਼ੋਕ ਸ਼ਰਮਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਮਾਜ ਦੇ ਲੋਕਾਂ ਅਤੇ ਪੁਲਿਸ ਵਿਚਾਲੇ ਦੋਸਤਾਨਾ ਸੰਬੰਧ ਹੋਣੇ ਬਹੁਤ ਜ਼ਰੂਰੀ ਹਨ, ਕਿਉਂਕਿ ਸਮਾਜ ਦੇ ਲੋਕਾਂ ਦੇ ਸਹਿਯੋਗ ਤੋਂ ਬਗੈਰ ਸਮਾਜ ਵਿਰੋਧੀ ਅਨਸਰਾਂ ’ਤੇ ਕਾਬੂ ਨਹੀਂ ਪਾਇਆ ਜਾ ਸਕਦਾ ਅਤੇ ਨਾ ਹੀ ਸਮਾਜਿਕ ਬੁਰਾਈਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਇਹ ਤਾਂ ਹੀ ਸੰਭਵ ਹੋ ਸਕਦਾ ਹੈ, ਜੇਕਰ ਪੁਲਿਸ ਨੂੰ ਲੋਕਾਂ ਦਾ ਪੂਰਨ ਸਹਿਯੋਗ ਪ੍ਰਾਪਤ ਹੋਵੇ। ਉਨ੍ਹਾਂ ਕਿਹਾ ਕਿ ਅਜੋਕੀ ਨੌਜਵਾਨ ਪੀੜੀ ਦਿਨ ਪ੍ਰਤੀ ਦਿਨ ਖ਼ਤਰਨਾਕ ਨਸ਼ਿਆਂ ਆਦਿ ਨਾਲ ਸਮਾਜਿਕ ਬੁਰਾਈਆਂ ਵੱਲ ਪ੍ਰੇਰਿਤ ਹੋਣ ਕਰ ਕੇ ਅਵਾਰਾਪਨ, ਬੇਰੁਜ਼ਗਾਰੀ ਅਤੇ ਖ਼ਤਰਨਾਕ ਅਪਰਾਧਾਂ ਵੱਲ ਪ੍ਰੇਰਿਤ ਹੁੰਦੀ ਜਾ ਰਹੀ ਹੈ, ਜੋ ਕਿ ਆਉਣ ਵਾਲੇ ਸਮੇਂ ਵਿਚ ਸਾਡੇ ਸਮਾਜ ਲਈ ਬਹੁਤ ਖ਼ਤਰਨਾਕ ਸਿੱਧ ਹੋ ਸਕਦੀ ਹੈ। ਇਸ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਸਮਾਜਿਕ ਬੁਰਾਈਆਂ ਦੇ ਜੜ ਤੋਂ ਖ਼ਾਤਮੇ ਲਈ ਸਮਾਜ ਦੇ ਹਰ ਇਨਸਾਨ ਨੂੰ ਆਪਣਾ ਫ਼ਰਜ਼ ਸਮਝਦੇ ਹੋਏ ਪੁਲਿਸ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਜਗਪਾਲ ਸਿੰਘ, ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਆਦਿ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਹਾਜਰ ਸਨ।
ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਐੱਸ.ਪੀ. ਸ਼ਰਮਾ
ਅਜੀਤ ਡੈਸਕ
06-07-2026