ਧਨੌਲਾ, 7 ਜੁਲਾਈ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਹੋਣਹਾਰ ਵਿਦਿਆਰਥੀ ਸੁਮਨਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਗੋਲਡ ਮੈਡਲ ਜਿੱਤਿਆ ਅਤੇ ਸਾਹਿਬਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕਰ ਕੇ ਸ਼ੂਟਿੰਗ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਬਣ ਕੇ ਸਕੂਲ, ਮਾਪਿਆਂ ਅਤੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਵਿਸ਼ੇਸ਼ ਉਪਲਬਧੀ ’ਤੇ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਦੇ ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਨੇ ਦੋਵੇਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਕੋਚਾਂ ਦੀ ਸਹੀ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ।ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਨੇ ਵੀ ਦੋਵੇਂ ਚੈਂਪੀਅਨ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵੱਡੀਆਂ ਉਪਲਬਧੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਦੋਵੇਂ ਚੈਂਪੀਅਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸਕੂਲ ਪਰਿਵਾਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਵਿਦਿਆਰਥੀ ਭਵਿੱਖ ਵਿਚ ਵੀ ਰਾਜ ਅਤੇ ਦੇਸ਼ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੰਸਥਾ ਦਾ ਨਾਂਅ ਹੋਰ ਉੱਚਾ ਕਰਨਗੇ। ਇਹ ਜਾਣਕਾਰੀ ਅਵਤਾਰ ਸਿੰਘ ਗੋਗੀ ਭੱਠਲ ਨੇ ਦਿੱਤੀ।