ਤਪਾ ਮੰਡੀ, 9 ਜੁਲਾਈ (ਪ੍ਰਵੀਨ ਗਰਗ)-ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਅਤੇ ਐਸ.ਪੀ (ਡੀ) ਅਸ਼ੋਕ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਸਮਾਜ ਵਿਰੋਧੀ ਗਤੀਵਿਧੀਆਂ ’ਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲਿਸ ਵਲੋਂ ਬਖ਼ਸ਼ਿਆ ਨਹੀਂ ਜਾਵੇਗਾ। ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੇ ਅਨਸਰਾਂ, ਨਸ਼ਾ ਸਮਗਲਰਾਂ, ਗੁੰਡਾਗਰਦੀ ਤੇ ਹੁੱਲੜਬਾਜ਼ੀ ਕਰਨ ਸਮੇਤ ਹੋਰ ਗੈਰ ਕਾਨੂੰਨੀ ਗਤੀਵਿਧੀਆਂ ’ਚ ਸ਼ਾਮਿਲ ਲੋਕਾਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਪ ਪੁਲਿਸ ਕਪਤਾਨ ਬਰਾੜ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਤ ’ਚ ਪੁਲਿਸ ਵਲੋਂ ਰਿਆਇਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਲੋਂ ਇਲਾਕੇ ’ਚ ਗਸ਼ਤ ਵਧਾਈ ਗਈ ਹੈ ਅਤੇ ਸ਼ੱਕੀ ਗਤੀਵਿਧੀਆਂ ’ਤੇ ਲਗਾਤਾਰ ਬਾਜ਼ ਅੱਖ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਉਪ ਪੁਲਿਸ ਕਪਤਾਨ ਬਰਾੜ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ’ਚ ਕੋਈ ਵੀ ਗ਼ੈਰਕਾਨੂੰਨੀ ਗਤੀਵਿਧੀ, ਨਸ਼ਾ ਸਮਗਲਰ, ਚੋਰੀ, ਲੁੱਟ ਖੋਹ ਜਾਂ ਸਮਾਜ ਵਿਰੋਧੀ ਤੱਤਾਂ ਸੰਬੰਧੀ ਜਾਣਕਾਰੀ ਆਉਂਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਪੁਲਿਸ ਨੂੰ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਪੁਲਿਸ ਵਲੋਂ ਗੁਪਤ ਰੱਖਿਆ ਜਾਵੇਗਾ।
ਕਾਨੂੰਨ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਨਹੀਂ ਬਖ਼ਸ਼ੇਗੀ ਪੁਲਿਸ-ਡੀ.ਐੱਸ.ਪੀ. ਬਰਾੜ
ਅਜੀਤ ਡੈਸਕ
10-07-2026