ਬਰਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਿਚ ਪਿਛਲੇ 18 ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮੰਤਰੀ ਤੇ ਸੀਨੀਅਰ ਅਫ਼ਸਰਸ਼ਾਹੀ ਵਲੋਂ ਕੋਰੀ ਨਾਂਹ ਕਰਨ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਮੁਲਾਜ਼ਮਾਂ ਵਲੋਂ 10 ਜੁਲਾਈ ਨੂੰ ਸੂਬੇ ਭਰ ਵਿਚ ਜ਼ਿਲ੍ਹਾ ਪੱਧਰ ’ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਜਾਵੇਗੀ। ਇਹ ਜਾਣਕਾਰੀ ਸੂਬਾ ਕਮੇਟੀ ਮੈਂਬਰ ਗੁਰਦੀਪ ਦਾਸ ਸ਼ਹਿਣਾ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਭੈਣੀ ਮਹਿਰਾਜ ਨੇ ਕਿਹਾ ਕਿ 10 ਜੁਲਾਈ ਨੂੰ ਬਰਨਾਲਾ ਵਿਖੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਡੇ-ਵੱਡੇ ਇਸ਼ਤਿਹਾਰ ਲਗਾ ਕੇ 70 ਹਜ਼ਾਰ ਨਵੀਆਂ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦਾ ਉਸ ਸਮੇਂ ਝੂਠ ਬੇਨਕਾਬ ਹੋ ਗਿਆ ਜਦੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੋਹਾਲੀ ਦੇ ਸੀਨੀਅਰ ਅਫ਼ਸਰਸ਼ਾਹੀ ਨੇ ਨਰੇਗਾ ਮੁਲਾਜ਼ਮਾਂ ਨੂੰ 18 ਸਾਲਾਂ ਤੋਂ ਕੱਚੀਆਂ ਅਸਾਮੀਆਂ ਤੇ ਰੱਖਣ ਦੇ ਬਾਵਜੂਦ ਅੱਜ ਪੱਕੇ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਕਲਮਛੋੜ ਹੜਤਾਲ 37ਵੇਂ ਦਿਨ ’ਚ ਸ਼ਾਮਿਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਉਹ ਸਾਰੀਆਂ ਬੇਸਿੱਟਾ ਰਹੀਆਂ ਹਨ। ਧਰਨੇ ’ਚ ਬੈਠੇ ਮੁਲਾਜ਼ਮਾਂ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਆਪਣੇ ਸਾਥੀਆਂ ਸਮੇਤ ਸਮਰਥਨ ਦਿੱਤਾ।
ਮਨਰੇਗਾ ਮੁਲਾਜ਼ਮਾਂ ਵਲੋਂ ਅੱਜ ਫੂਕੀ ਜਾਵੇਗੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ
ਅਜੀਤ ਡੈਸਕ
10-07-2026