ਮਹਿਲ ਕਲਾਂ, 9 ਜੁਲਾਈ (ਅਵਤਾਰ ਸਿੰਘ ਅਣਖੀ)-ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਮੈਨੇਜਿੰਗ ਡਾਇਰੈਕਟਰ ਸ੍ਰੀ ਸੁਸ਼ੀਲ ਗੋਇਲ ਦੀ ਗਤੀਸ਼ੀਲ ਅਗਵਾਈ ਹੇਠ ‘ਮਿਸ਼ਨ ਹਰਿਆਲੀ’ ਮੁਹਿੰਮ ਤਹਿਤ ਵਾਤਾਵਰਨ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਦਾ ਸਫਲ ਆਯੋਜਨ ਕੀਤਾ ਗਿਆ। ਮੁਹਿੰਮ ਦੌਰਾਨ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਕੂਲ ਕੈਂਪਸ ਆਲ਼ੇ ਦੁਆਲੇ 1,000 ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਦੀ ਸੁਰੱਖਿਆ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਲੋਗਨ ਲਿਖਣ, ਚਾਰਟ ਮੇਕਿੰਗ, ਪੋਸਟਰ ਮੇਕਿੰਗ, ਕੁਇਜ਼ ਮੁਕਾਬਲੇ ਅਤੇ ਬੂਟੇ ਲਗਾਉਣ ਵਰਗੀਆਂ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਰਾਹੀਂ ਰੁੱਖਾਂ ਦੀ ਮਹੱਤਤਾ, ਵਾਤਾਵਰਨ ਸੰਭਾਲ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਸਬੰਧੀ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ। ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਇੱਕ ਸਥਾਨਕ ਨਰਸਰੀ ਦਾ ਵਿੱਦਿਅਕ ਦੌਰਾ ਵੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਕਿਸਮਾਂ ਦੇ ਬੂਟੇ, ਉਨ੍ਹਾਂ ਦੀ ਸੰਭਾਲ ਅਤੇ ਵਾਤਾਵਰਨ ਵਿਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰੇ ਨੇ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਪਿਆਰ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੰਤ ਹੋਰ ਮਜ਼ਬੂਤ ਕੀਤਾ। ਇਸ ਮੌਕੇ ਐਮ.ਡੀ. ਸ੍ਰੀ ਸੁਸ਼ੀਲ ਗੋਇਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ ਸੰਭਾਲ ਦਾ ਵੀ ਸੰਕਲਪ ਲੈਣਾ ਚਾਹੀਦਾ ਹੈ। ਵਾਇਸ ਪ੍ਰਿੰਸੀਪਲ ਮੈਡਮ ਪ੍ਰਦੀਪ ਕੌਰ ਗਰੇਵਾਲ ਨੇ ਮੁਹਿੰਮ ਵਿਚ ਸ਼ਾਮਲ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕੁਦਰਤ ਦੀ ਸੰਭਾਲ ਲਈ ਹਮੇਸ਼ਾ ਅੱਗੇ ਰਹਿਣ ਦੀ ਪੇ੍ਰਰਨਾ ਦਿੱਤੀ। ਇਸ ਮੌਕੇ ਚੇਅਰਮੈਨ ਸ੍ਰੀ ਅਜੈ ਜਿੰਦਲ, ਡਾਇਰੈਕਟਰ ਸ੍ਰੀ ਰਾਕੇਸ਼ ਬਾਂਸਲ ਅਤੇ ਡਾਇਰੈਕਟਰ ਸ੍ਰੀ ਨਿਤਿਨ ਜਿੰਦਲ ਨੇ ਵੀ ‘ਮਿਸ਼ਨ ਹਰਿਆਲੀ’ ਮੁਹਿੰਮ ਦੀ ਸਫਲਤਾ ’ਤੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਵਾਤਾਵਰਨ ਦੀ ਸੰਭਾਲ ਲਈ ਨਿਰੰਤਰ ਯਤਨ ਕਰਨ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਸੱਦਾ ਦਿੱਤਾ।