ਮਹਿਲ ਕਲਾਂ, 12 ਜੁਲਾਈ (ਅਵਤਾਰ ਸਿੰਘ ਅਣਖੀ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਥਾਣਾ ਠੁੱਲੀਵਾਲ ਪੁਲਿਸ ਨੇ ਮਿਲੀ ਸੂਚਨਾ ਦੇ ਆਧਾਰ ’ਤੇ ਇਕ ਨੌਜਵਾਨ ਨੂੰ 70 ਨਸ਼ੀਲੀਆਂ ਚਿੱਟੀਆਂ ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਤਫ਼ਤੀਸ਼ੀ ਅਧਿਕਾਰੀ ਏ.ਐੱਸ.ਆਈ. ਕਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਡੀ.ਐੱਸ.ਪੀ. ਸਤਵਿੰਦਰ ਸਿੰਘ ਵਿਰਕ ਦੀ ਗਤੀਸ਼ੀਲ ਅਗਵਾਈ ਹੇਠ ਥਾਣਾ ਮੁਖੀ ਇੰਸਪੈਕਟਰ ਅਜੈਬ ਸਿੰਘ ਦੀ ਦੇਖ-ਰੇਖ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਨੂੰ ਇਕ ਭਰੋਸੇਯੋਗ ਖ਼ਾਸ ਇਤਲਾਹ ਮਿਲੀ ਸੀ ਕਿ ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਲੈ ਕੇ ਘੁੰਮ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਪਿੰਡ ਅਮਲਾ ਸਿੰਘ ਵਾਲਾ ਨੇੜੇ ਅਪਰ ਲਸਾੜਾ ਡਰੇਨ ਦੀ ਪਟੜੀ ਉੱਪਰੋਂ ਇਕ ਸ਼ੱਕੀ ਨੌਜਵਾਨ ਨੂੰ ਰੋਕਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 70 ਨਸ਼ੀਲੀਆਂ ਚਿੱਟੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਬਰਨਾਲਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਠੁੱਲੀਵਾਲ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਅਜੈਬ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।
ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ
ਅਜੀਤ ਡੈਸਕ
13-07-2026