ਬਰਨਾਲਾ, 13 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਅਧੀਨ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ ਕਰੀਬ 71 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕਰੀਬ 71 ਫ਼ੀਸਦੀ ਗਣਨਾ ਫਾਰਮ ਭਰਵਾਉਣ ਮਗਰੋਂ ਬੀਐਲਓਜ਼ ਵਲੋਂ ਡਿਜੀਟਾਈਜ਼ਡ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 558 ਪੋਲਿੰਗ ਬੂਥਾਂ ’ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ ਵੀ ਜ਼ਿਲ੍ਹੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਜਿੱਥੇ ਲੋਕਾਂ ਵੱਲੋਂ ਭਰੇ ਹੋਏ ਗਣਨਾ ਫਾਰਮ ਆਪਣੇ ਸਬੰਧਿਤ ਬੀ.ਐਲ.ਓਜ਼. ਨੂੰ ਜਮ੍ਹਾ ਕਰਵਾਏ ਗਏ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ ਤੱਕ ਜਾਰੀ ਰਹੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਉਹ ਤੁਰੰਤ ਆਪਣੇ ਸਬੰਧਿਤ ਬੀ.ਐਲ.ਓਜ਼ ਨਾਲ ਸੰਪਰਕ ਕਰਨ। ਹਰੇਕ ਯੋਗ ਵੋਟਰ ਦਾ ਨਾਮ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫ਼ਟ ਵੋਟਰ ਸੂਚੀ ਵਿਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਗਣਨਾ ਫਾਰਮ ਨਿਰਧਾਰਤ ਸਮੇਂ ਦੇ ਅੰਦਰ ਬੀ.ਐਲ.ਓਜ਼. ਕੋਲ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ ਚੋਣ ਕਮਿਸ਼ਨ ਦੇ ਟੌਲ ਫ਼ਰੀ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ।
ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਜ਼ਿਲ੍ਹੇ ਵਿਚ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਲਗਭਗ 71 ਫ਼ੀਸਦੀ ਕੰਮ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ
ਅਜੀਤ ਡੈਸਕ
14-07-2026