ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬਾ ਸਰਕਾਰ ਨੂੰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਜਿੱਥੇ ਸੋਚਣ ਦੀ ਲੋੜ ਹੈ, ਉੱਥੇ ਇਨ੍ਹਾਂ ਦੀਆਂ ਮੰਗਾਂ ਲਈ ਜਲਦ ਤੋਂ ਜਲਦ ਸੁਹਿਰਦ ਹੋਣਾ ਬਣਦਾ ਹੈ। ਕਿਉਂਕਿ ਸਫ਼ਾਈ ਕਰਮਚਾਰੀ ਹੀ ਅਜਿਹੇ ਕਰਮਚਾਰੀ ਹਨ ਜੋ ਸ਼ਹਿਰ ਦੀ ਦਿੱਖ ਸਵਾਰਨ ’ਚ ਆਪਣਾ ਦਿਨ-ਰਾਤ ਇਕ ਕਰਦੇ ਹਨ। ਜਿਸ ਦੇ ਚਲਦਿਆਂ ਸੂਬਾ ਸਰਕਾਰ ਨੂੰ ਇਨ੍ਹਾਂ ਦੀਆਂ ਮੰਗਾਂ ਦਾ ਜਲਦ ਤੋਂ ਜਲਦ ਹੱਲ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਤਪਾ ਨਗਰ ਕੌਂਸਲ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਸਫ਼ਾਈ ਕਰਮਚਾਰੀਆਂ ਦੀ ਹਮਾਇਤ ’ਤੇ ਪਹੁੰਚਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਉਹ ਪਾਰਟੀ ਪ੍ਰਧਾਨ ਨਾਲ ਵੀ ਗੱਲ ਕਰਨਗੇ ਅਤੇ ਸਰਕਾਰ ਬਣਨ ’ਤੇ ਇਨ੍ਹਾਂ ਦੀਆਂ ਮੰਗਾਂ ਦਾ ਪਹਿਲ ’ਤੇ ਆਧਾਰ ਤੇ ਹੱਲ ਕਰਵਾਉਣਗੇ। ਉੱਧਰ ਦੂਜੇ ਪਾਸੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਰਫ਼ੀ ਅਤੇ ਹੋਰ ਵੱਖ-ਵੱਖ ਨੁਮਾਇੰਦਿਆਂ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ ਪਰ ਸਾਨੂੰ ਭਰੋਸੇ ਤੋਂ ਬਿਨਾਂ ਕੁੱਝ ਵੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਸਫ਼ਾਈ ਕਰਮਚਾਰੀਆਂ ਲਈ ਖ਼ਤਰਨਾਕ ਡਿਊਟੀ ਨੂੰ ਦੇਖਦਿਆਂ ਪ੍ਰਤੀ ਮਹੀਨਾ ਵਿਸ਼ੇਸ਼ ਭੱਤਾ ਦਿੱਤਾ ਜਾਵੇ। ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਹੋਵੇ ਅਤੇ ਪੱਕੇ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕਰ ਕੇ ਤਿੰਨ ਸਾਲਾਂ ਵਿਚ ਪੱਕਾ ਕੀਤਾ ਜਾਵੇ। ਉਨ੍ਹਾਂ ਨੂੰ ਘੱਟੋ-ਘੱਟ 10 ਲੱਖ ਰੁਪਏ ਦਾ ਦੁਰਘਟਨਾ ਸਬੰਧੀ ਬੀਮਾ ਲਾਗੂ ਕੀਤਾ ਜਾਵੇ ਤਾਂ ਜੋ ਸੇਵਾ ਦੌਰਾਨ ਹੋਣ ਵਾਲੇ ਹਾਦਸਿਆਂ ਵਿਚ ਪੂਰੀ ਤਨਖ਼ਾਹ ਅਤੇ ਹੋਰ ਸਹੂਲਤਾਂ ਜਾਰੀ ਰਹਿਣ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਇਸ ਤੋਂ ਵੀ ਵੱਡਾ ਸੰਘਰਸ਼ ਵਿੱਡਣ ਲਈ ਮਜਬੂਰ ਹੋਣਗੇ। ਇਸ ਮੌਕੇ ਸ਼ਹਿਰੀ ਪ੍ਰਧਾਨ ਲੱਕੀ ਭੱਟਾ, ਬੇਅੰਤ ਮਾਗਟ, ਸੋਨੂ ਮੱਲੀ, ਗੁਰਮੇਲ ਸਿੰਘ, ਮਿਸਤਰੀ ਬਲਜਿੰਦਰ ਸਿੰਘ, ਜੱਗੀ ਸਿੰਘ, ਗੁਰਵਿੰਦਰ ਬਾਸੀ, ਹਰਜਿੰਦਰ ਸਿੰਘ ਪਾਲੀ, ਗੁਰਦੀਪ ਚੱਠਾ, ਕਰਮਜੀਤ ਸਿੰਘ ਪੁਰਬਾ, ਐਸ ਕੁਮਾਰ, ਬਿੱਟੂ ਬਰਾੜ, ਸੁਰਿੰਦਰ ਖਟਰ, ਵਿਨੋਦ ਕੁਮਾਰ, ਗੁਰਮੀਤ ਸਿੰਘ, ਗੋਗੀ ਮਹੰਤ, ਮਾਧੋ ਦਾਸ ਆਦਿ ਤੋਂ ਇਲਾਵਾ ਸਮੂਹ ਸਫ਼ਾਈ ਕਰਮਚਾਰੀ ਮੌਜੂਦ ਸਨ।