ਟੱਲੇਵਾਲ, 18 ਜੁਲਾਈ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸਬੰਧਿਤ ਲਿੰਕ ਸੜਕਾਂ ਟੁੱਟੀਆਂ ਹੋਣ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ। ਇਸ ਸਬੰਧੀ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਬਖਤਗੜ੍ਹ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਚ ਵਿਕਾਸ ਕਾਰਜਾਂ ਦੀ ਧੀਮੀ ਰਫ਼ਤਾਰ ਅਤੇ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਥਾਨਕ ਨੁਮਾਇੰਦਿਆਂ ’ਤੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਭਗਵੰਤ ਮਾਨ ਸਰਕਾਰ ਪੂਰੇ ਪੰਜਾਬ ਵਿਚ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਅਤੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਲਈ ਕਰੋੜਾਂ ਰੁਪਏ ਖ਼ਰਚ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਪਹਿਲਾਂ ਤੋਂ ਬਣੀਆਂ ਲਿੰਕ ਸੜਕਾਂ ਦੀ ਸਮੇਂ ਸਿਰ ਮੁਰੰਮਤ ਨਾ ਹੋਣ ਕਾਰਨ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਸਭ ਤੋਂ ਵੱਡੀ ਮਿਸਾਲ ਵਿਧਾਨ ਸਭਾ ਹਲਕਾ ਮਹਿਲ ਕਲਾਂ ਹੈ, ਜਿੱਥੇ ਕਈ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਹਨ ਅਤੇ ਕੁੱਝ ਸੜਕਾਂ ਦਾ ਨਿਰਮਾਣ ਅਜੇ ਵੀ ਅਧੂਰਾ ਪਿਆ ਹੈ। ਉਨ੍ਹਾਂ ਦੱਸਿਆ ਕਿ ਬਖਤਗੜ੍ਹ ਤੋਂ ਰਾਏਸਰ, ਭੋਤਨਾ ਤੋਂ ਰਾਏਸਰ, ਬਖਤਗੜ੍ਹ ਤੋਂ ਚੀਮਾ, ਬਖਤਗੜ੍ਹ ਤੋਂ ਬਰਨਾਲਾ ਅਤੇ ਨਾਈਵਾਲਾ ਤੋਂ ਚੀਮਾ ਨੂੰ ਜੋੜਨ ਵਾਲੀਆਂ ਸੜਕਾਂ ਦੀ ਹਾਲਤ ਬਹੁਤ ਹੀ ਮਾੜੀ ਹੋ ਚੁੱਕੀ ਹੈ। ਥਾਂ-ਥਾਂ ਡੂੰਘੇ ਟੋਏ, ਉਖੜੀ ਹੋਈ ਸੜਕ ਅਤੇ ਟੁੱਟੀਆਂ ਪੁਲੀਆਂ ਕਾਰਨ ਆਵਾਜਾਈ ਬੇਹੱਦ ਮੁਸ਼ਕਲ ਹੋ ਗਈ ਹੈ। ਸੁਖਪਾਲ ਸਿੰਘ ਬਖਤਗੜ੍ਹ ਨੇ ਕਿਹਾ ਕਿ ਇਨ੍ਹਾਂ ਸੜਕਾਂ ਰਾਹੀਂ ਹਰ ਰੋਜ਼ ਹਜ਼ਾਰਾਂ ਰਾਹਗੀਰ, ਵਿਦਿਆਰਥੀ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿਚ ਜਾਂਦੇ ਹਨ, ਜਦਕਿ ਨੌਕਰੀਪੇਸ਼ਾ ਲੋਕ ਅਤੇ ਆਮ ਯਾਤਰੀ ਵੀ ਇਨ੍ਹਾਂ ਸੜਕਾਂ ਦੀ ਵਰਤੋਂ ਕਰਦੇ ਹਨ। ਸੜਕਾਂ ਦੀ ਖਸਤਾ ਹਾਲਤ ਕਾਰਨ ਵਾਹਨਾਂ ਨੂੰ ਅਤੇ ਸਿਹਤ ਨੂੰ ਨੁਕਸਾਨ ਪਹੁੰਚ ਰਿਹਾ ਹੈ ਅਤੇ ਕਈ ਥਾਵਾਂ ’ਤੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਕਈ-ਕਈ ਕਿੱਲੋਮੀਟਰ ਦਾ ਵਾਧੂ ਸਫ਼ਰ ਕਰਨਾ ਪੈਂਦਾ ਹੈ। ਬਰਸਾਤ ਦੇ ਮੌਸਮ ਵਿਚ ਇਹ ਸੜਕਾਂ ਹੋਰ ਵੀ ਖ਼ਤਰਨਾਕ ਬਣ ਜਾਂਦੀਆਂ ਹਨ ਅਤੇ ਹਾਦਸਿਆਂ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ ਦੇ ਲੋਕਾਂ ਨੇ ਵਿਕਾਸ ਅਤੇ ਬਿਹਤਰ ਬੁਨਿਆਦੀ ਢਾਂਚੇ ਦੀ ਆਸ ਨਾਲ ਆਪਣਾ ਫ਼ਤਵਾ ਦਿੱਤਾ ਸੀ, ਪਰ ਅੱਜ ਵੀ ਪਿੰਡਾਂ ਦੇ ਲੋਕ ਟੁੱਟੀਆਂ ਸੜਕਾਂ, ਖ਼ਰਾਬ ਆਵਾਜਾਈ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੋਸ਼ਲ ਮੀਡੀਆ ਅਤੇ ਇਸ਼ਤਿਹਾਰਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਕਾਂਗਰਸੀ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਹਿਲ ਕਲਾਂ ਹਲਕੇ ਦੀਆਂ ਸਾਰੀਆਂ ਖਸਤਾ ਹਾਲ ਲਿੰਕ ਸੜਕਾਂ ਦਾ ਵਿਸ਼ੇਸ਼ ਸਰਵੇ ਕਰਵਾ ਕੇ ਤੁਰੰਤ ਮੁਰੰਮਤ ਅਤੇ ਨਵੀਨੀਕਰਨ ਲਈ ਲੋੜੀਂਦੇ ਫ਼ੰਡ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ ਅਤੇ ਲੋਕਾਂ ਦੀ ਆਵਾਜ਼ ਹਰ ਪੱਧਰ ’ਤੇ ਬੁਲੰਦ ਕਰੇਗੀ।
ਹਲਕਾ ਮਹਿਲ ਕਲਾਂ ਦੀਆਂ ਟੁੱਟੀਆਂ ਲਿੰਕ ਸੜਕਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ
ਅਜੀਤ ਡੈਸਕ
19-07-2026