ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ, ਮਹਿਲ ਕਲਾਂ ਵਿਖੇ ਜਥੇਬੰਦੀ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਗਤੀਸ਼ੀਲ ਅਗਵਾਈ ਹੇਠ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਹੋਈ। ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਕੁਰੜ, ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਖ਼ਜ਼ਾਨਚੀ ਜਸਵਿੰਦਰ ਸਿੰਘ ਛੀਨੀਵਾਲ ਅਤੇ ਸਕੱਤਰ ਡਾ: ਸੁਖਦੀਪ ਸਿੰਘ ਗਿੱਲ ਨੇ ਕਿਹਾ ਕਿ ਜਥੇਬੰਦੀ ਵਲੋਂ ਸੂਬੇ ਅਤੇ ਜ਼ਿਲ੍ਹੇ ਵਿਚ ਉਲੀਕੇ ਜਾਣ ਵਾਲੇ ਹਰ ਸੰਘਰਸ਼, ਰੋਸ ਪ੍ਰਦਰਸ਼ਨ ਅਤੇ ਪ੍ਰੋਗਰਾਮ ਵਿਚ ਬਲਾਕ ਮਹਿਲ ਕਲਾਂ ਦੀ ਇਕਾਈ ਵਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਵਰਕਰਾਂ ਨੂੰ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਵੱਧ ਤੋਂ ਵੱਧ ਕਿਸਾਨਾਂ ਨੂੰ ਜਥੇਬੰਦੀ ਨਾਲ ਜੋੜਨ ਅਤੇ ਕਿਸਾਨੀ ਹੱਕਾਂ ਦੀ ਲੜਾਈ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ, ਬਿਜਲੀ ਕੱਟ ਤੁਰੰਤ ਬੰਦ ਕਰ ਕੇ ਖੇਤੀ ਲਈ ਅੱਠ ਘੰਟੇ ਨਿਰੰਤਰ ਬਿਜਲੀ ਮੁਹੱਈਆ ਕਰਵਾਈ ਜਾਵੇ। ਇਸ ਦੇ ਨਾਲ ਹੀ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਅਤੇ ਹਰ ਫ਼ਸਲ ਦੀ ਸਰਕਾਰੀ ਖਰੀਦ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ, ਨਕਲੀ ਖਾਦਾਂ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ’ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ, ਤਾਂ ਜੋ ਨੌਜਵਾਨ ਪੀੜ੍ਹੀ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੇ ਇਤਿਹਾਸ ਅਤੇ ਕੁਰਬਾਨੀਆਂ ਤੋਂ ਜਾਣੂ ਹੋ ਸਕੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਮੁੜ ਸੋਧ ਕੇ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦੀ ਵੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਨੀਤੀ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਲਈ ਲਿਆਂਦੀ ਜਾ ਰਹੀ ਹੈ। ਇਹ ਨੀਤੀ ਕਿਸਾਨਾਂ ਦੇ ਜ਼ਮੀਨੀ ਹੱਕਾਂ ’ਤੇ ਸਿੱਧਾ ਹਮਲਾ ਹੈ। ਜਥੇਬੰਦੀ ਨੇ ਐਲਾਨ ਕੀਤਾ ਕਿ ਉਹ ਇਸ ਨੀਤੀ ਦਾ ਡਟ ਕੇ ਵਿਰੋਧ ਕਰੇਗੀ ਅਤੇ ਕਿਸੇ ਵੀ ਕੀਮਤ ’ਤੇ ਇਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਲੋੜ ਪੈਣ ’ਤੇ ਹੋਰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਬੱਸੀਆਂ, ਨਾਜ਼ਰ ਸਿੰਘ, ਬਲਵਿੰਦਰ ਸਿੰਘ ਛਾਪਾ, ਰਾਮ ਸਿੰਘ ਹਮੀਦੀ, ਜਗਸੀਰ ਸਿੰਘ ਭੋਲਾ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ ਛਾਪਾ, ਜਸਵਿੰਦਰ ਸਿੰਘ ਬੀਹਲਾ ਆਦਿ ਹਾਜ਼ਰ ਸਨ।