ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਮਹਿਲ ਕਲਾਂ ’ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਪੱਧਰ ’ਤੇ ਲਗਾਤਾਰ ਮੀਟਿੰਗਾਂ ਅਤੇ ਇਕਾਈਆਂ ਦੇ ਗਠਨ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਜਥੇਦਾਰ ਗੁਰਮੀਤ ਸਿੰਘ ਮਾਹਮਦਪੁਰ, ਭਾਈ ਅਵਤਾਰ ਸਿੰਘ ਰਾਏਸਰ ਅਤੇ ਮੇਜਰ ਸਿੰਘ ਮਹਿਲ ਖੁਰਦ ਦੀ ਅਗਵਾਈ ਹੇਠ ਪਿੰਡ ਕ੍ਰਿਪਾਲ ਸਿੰਘ ਵਾਲਾ, ਕਲਾਲ ਮਾਜਰਾ ਅਤੇ ਗੰਗੋਹਰ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ, ਮਹਿਲਾਵਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗਾਂ ਦੌਰਾਨ ਪਾਰਟੀ ਦੀਆਂ ਨਵੀਆਂ ਪਿੰਡ ਇਕਾਈਆਂ ਦਾ ਗਠਨ ਕੀਤਾ ਗਿਆ। ਇਸ ਮੌਕੇ ਪਿੰਡ ਕ੍ਰਿਪਾਲ ਸਿੰਘ ਵਾਲਾ ਤੋਂ ਬੀਬੀ ਹਰਵਿੰਦਰ ਕੌਰ ਨੂੰ ਪਿੰਡ ਇਕਾਈ ਦਾ ਪ੍ਰਧਾਨ ਅਤੇ ਪਿੰਡ ਗੰਗੋਹਰ ਤੋਂ ਅਮਨਦੀਪ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਪਾਰਟੀ ਆਗੂਆਂ ਵਲੋਂ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਭਾਈ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਹਲਕਾ ਮਹਿਲ ਕਲਾਂ ਦੇ ਹਰ ਵਰਗ ਦੇ ਲੋਕਾਂ ’ਚ ਪਾਰਟੀ ਪ੍ਰਤੀ ਦਿਨੋ-ਦਿਨ ਭਰੋਸਾ ਅਤੇ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਅਤੇ ਆਮ ਲੋਕਾਂ ਦੇ ਮੁੱਦਿਆਂ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ ਅਤੇ ਪਾਰਟੀ ਲੋਕਾਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ। ਜਥੇ: ਗੁਰਮੀਤ ਸਿੰਘ ਮਾਹਮਦਪੁਰ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਹਰ ਪਿੰਡ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਕਾਲੀ ਰਾਏਸਰ, ਮੇਜਰ ਸਿੰਘ ਮਹਿਲ ਖ਼ੁਰਦ, ਬਿੰਦਰ ਸਿੰਘ ਪੰਜਗਰਾਈਆਂ, ਇੰਦਰਜੀਤ ਸਿੰਘ ਗੰਡੇਵਾਲ, ਮਹਿਲ ਕਲਾਂ ਇਕਾਈ ਦੇ ਪ੍ਰਧਾਨ ਸਤਨਾਮ ਸਿੰਘ, ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਹੋਤਾ ਆਦਿ ਹਾਜ਼ਰ ਸਨ।