ਭਵਾਨੀਗੜ੍ਹ, 23 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਕਲਾਂ, ਨਕਟੇ ਅਤੇ ਹਰਦਿੱਤਪੁਰਾ ਵਿਖੇ ਕਰਵਾਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣ ਰਿਹਾ ਹੈ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੀ ਹੱਲ ਸੰਭਵ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਵਿਧਾਇਕਾ ਭਰਾਜ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਸੰਮਤੀ ਮੈਂਬਰ ਵਿਕਰਮ ਸਿੰਘ ਨਕਟੇ, ਲਖਵਿੰਦਰ ਸਿੰਘ ਫੱਗੂਵਾਲਾ, ਮਨਿੰਦਰ ਸਿੰਘ, ਕੁਲਵਿੰਦਰ ਸਿੰਘ, ਜੱਸਾ ਭੜੋ, ਰਣਬੀਰ ਸਿੰਘ ਨਦਾਮਪੁਰ, ਬਬਲਾ ਬਾਲਦ, ਗੁਰਪ੍ਰੀਤ ਸਿੰਘ ਬਾਲਦ, ਸੁਖਮਨ ਸਿੰਘ ਬਾਲਦ, ਜਸਪਾਲ ਸਿੰਘ ਸਰਪੰਚ ਮੱਟਰਾਂ ਅਤੇ ਹੋਰ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।