ਮਹਿਲ ਕਲਾਂ, 24 ਜੁਲਾਈ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਮੰਡੇਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਮਹਿਲ ਕਲਾਂ ਵਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਸੌਂਪ ਕੇ ਸਰਕਾਰ ਤੱਕ ਉਨ੍ਹਾਂ ਦੀਆਂ ਮੰਗਾਂ ਪਹੁੰਚਾਉਣ ਦੀ ਅਪੀਲ ਕੀਤੀ ਗਈ। ਐਸੋਸੀਏਸ਼ਨ ਦੇ ਸੂਬਾਈ ਸੀਨੀ: ਮੀਤ ਪ੍ਰਧਾਨ ਅਮਰਜੀਤ ਸਿੰਘ ਕੁੱਕੂ, ਬਲਦੇਵ ਸਿੰਘ ਧਨੇਰ, ਹਰਮੇਲ ਸਿੰਘ ਮਿੰਟਾ, ਗੁਰਮੇਲ ਸਿੰਘ ਕੁਰੜ, ਬਲਵਿੰਦਰ ਸਿੰਘ ਚੱਕ ਭਾਈ ਦੀ ਅਗਵਾਈ ਹੇਠ ਸੌਂਪੇ ਗਏ ਮੰਗ ਪੱਤਰ ਵਿਚ ਕਿਹਾ ਗਿਆ ਕਿ ਹਜ਼ਾਰਾਂ ਮੈਡੀਕਲ ਪ੍ਰੈਕਟੀਸ਼ਨਰ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੇ ਪਿੰਡਾਂ ਅਤੇ ਦੂਰ-ਦੁਰਾਡੇ ਇਲਾਕਿਆਂ ਵਿਚ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਜਿੱਥੇ ਸਰਕਾਰੀ ਹਸਪਤਾਲ ਜਾਂ ਮਾਹਿਰ ਡਾਕਟਰਾਂ ਦੀ ਪਹੁੰਚ ਨਹੀਂ, ਉੱਥੇ ਇਹ ਪ੍ਰੈਕਟੀਸ਼ਨਰ ਲੋਕਾਂ ਲਈ ਪਹਿਲਾਂ ਸਹਾਰਾ ਬਣਦੇ ਹਨ। ਆਗੂਆਂ ਨੇ ਕਿਹਾ ਕਿ 1963 ਤੋਂ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟ੍ਰੇਸ਼ਨ ਬੰਦ ਪਈ ਹੋਈ ਹੈ, ਅਤੇ ਇਸ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕਈ ਸਰਕਾਰਾਂ ਅੱਗੇ ਰੱਖੀ ਜਾ ਚੁੱਕੀ ਹੈ। ਹਰ ਵਾਰ ਭਰੋਸੇ ਤਾਂ ਦਿੱਤੇ ਗਏ ਪਰ ਅਮਲੀ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਆੜ ਵਿਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾਂਦਾ ਹੈ, ਜਿਸ ਕਾਰਨ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟ੍ਰੇਸ਼ਨ ਤੁਰੰਤ ਮੁੜ ਖੋਲ੍ਹੀ ਜਾਵੇ, ਉਨ੍ਹਾਂ ਨੂੰ ਕਾਨੂੰਨੀ ਤੌਰ ’ਤੇ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ ਅਤੇ ਪੇਂਡੂ ਸਿਹਤ ਪ੍ਰਣਾਲੀ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਸੂਬਾ ਪੱਧਰ ’ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਵਿਧਾਇਕ ਪੰਡੋਰੀ ਨੇ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਹ ਇਸ ਮਾਮਲੇ ਨੂੰ ਸਰਕਾਰ ਦੇ ਧਿਆਨ ਵਿਚ ਲਿਆ ਕੇ ਹੱਲ ਕਰਨ ਲਈ ਯਤਨ ਕਰਨਗੇ। ਇਸ ਮੌਕੇ ਦੀਪ ਵਰਮਾ, ਕਮਲ ਠੀਕਰੀਵਾਲਾ, ਮਨਜੀਤ ਸਿੰਘ ਠੀਕਰੀਵਾਲਾ, ਜਗਜੀਵਨ ਸਿੰਘ, ਕੇਵਲ ਸਿੰਘ ਕਲਾਲ ਮਾਜਰਾ, ਜਗਜੀਤ ਸਿੰਘ ਹਰਦਾਸਪੁਰਾ, ਦਵਿੰਦਰ ਸਿੰਘ ਨਿਹਾਲੂਵਾਲ, ਦਰਬਾਰਾ ਸਿੰਘ ਧਨੇਰ, ਮਜ਼ੀਦ ਖ਼ਾਂ ਕਾਕਾ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ।