ਬਰਨਾਲਾ, 24 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਅੱਤਿਆਚਾਰ ਨੇ ਆਮ ਆਦਮੀ ਪਾਰਟੀ ਦੇ ਗ਼ਰੀਬ ਅਤੇ ਦਲਿਤ ਵਿਰੋਧੀ ਚਿਹਰੇ ਨੂੰ ਸਾਹਮਣੇ ਲਿਆ ਦਿੱਤਾ ਹੈ। ਸ: ਢਿੱਲੋਂ ਨੇ ਕਿਹਾ ਕਿ ਚੋਣਾਂ ਸਮੇਂ ਅਰਵਿੰਦ ਕੇਜਰੀਵਾਲ ਨੇ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗਾਰੰਟੀ ਦਿੱਤੀ ਸੀ। ਪਰ ਪੱਕਾ ਕਰਨਾ ਤਾਂ ਦੂਰ ਦੀ ਗੱਲ, ਹੱਕ ਮੰਗਣ ’ਤੇ ਸਫ਼ਾਈ ਕਰਮਚਾਰੀਆਂ ਨੂੰ ਡਾਂਗਾਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਵਿਖੇ ਆਪਣੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਕੁੱਟਿਆ ਗਿਆ ਸੀ ਅਤੇ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ਉੱਪਰ ਬੇਰਹਿਮੀ ਨਾਲ ਡਾਂਗਾਂ ਮਾਰੀਆਂ ਗਈਆਂ ਸਨ। ਹੁਣ ਪੰਜਾਬ ਵਿਚ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰਨਾ ਵੀ ਜੁਰਮ ਬਣ ਗਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋਹਰੇ ਮਾਪਦੰਡਾਂ ’ਤੇ ਬੋਲਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਮਾਵਾਂ-ਭੈਣਾਂ ਦੇ ਸਤਿਕਾਰ ਦੇ ਵੱਡੇ-ਵੱਡੇ ਡਰਾਮੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਆਪਣੀਆਂ ਮੰਗਾਂ ਲਈ ਲੜ ਰਹੀਆਂ ਧੀਆਂ-ਭੈਣਾਂ ’ਤੇ ਨੂੰ ਬਾਜ਼ਾਰਾਂ ਵਿਚ ਭਜਾ ਭਜਾ ਕੇ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਅਰਵਿੰਦ ਕੇਜਰੀਵਾਲ ਤੇ ਪੰਜਾਬ ਸਰਕਾਰ ਤੁਰੰਤ ਮੁਆਫ਼ੀ ਮੰਗੇ, ਕਰਮਚਾਰੀਆਂ ’ਤੇ ਜ਼ਬਰ ਢਾਹੁਣ ਵਾਲੇ ਪੁਲਿਸ ਅਧਿਕਾਰੀਆਂ ਉਪਰ ਸਖ਼ਤ ਕਾਰਵਾਈ ਹੋਵੇ ਅਤੇ ਸਮੁੱਚੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨੀਆਂ ਜਾਣ। ਸ: ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਫ਼ਾਈ ਕਰਮਚਾਰੀਆਂ ਨਾਲ ਡਟ ਕੇ ਖੜੀ ਹੈ ਅਤੇ ਹਰ ਫ਼ਰੰਟ ’ਤੇ ਇਸ ਜ਼ਬਰ ਦਾ ਵਿਰੋਧ ਕਰੇਗੀ।