ਬਰਨਾਲਾ, 27 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪੁਲਿਸ ਲਾਠੀਚਾਰਜ ਦੌਰਾਨ ਗੰਭੀਰ ਜ਼ਖ਼ਮੀ ਹੋਏ ਸਫ਼ਾਈ ਸੇਵਕਾਂ ਦਾ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚ ਕੇ ਉਨ੍ਹਾਂ ਦੇ ਹਾਲ ਜਾਣਿਆ ਗਿਆ। ਇਸ ਤੋਂ ਪਹਿਲਾਂ ਨਗਰ ਨਿਗਮ ਦਫ਼ਤਰ ਵਿਖੇ ਚੱਲ ਰਹੇ ਸਫ਼ਾਈ ਸੇਵਕਾਂ ਦੇ ਧਰਨੇ ਵਿਚ ਸੰਬੋਧਨ ਕਰਦਿਆਂ ਸ: ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਜੋ ਸਫ਼ਾਈ ਸੇਵਕਾਂ ਉੱਪਰ ਤਸ਼ੱਦਦ ਕੀਤਾ ਗਿਆ ਹੈ, ਬਹੁਤ ਹੀ ਜ਼ਿਆਦਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਨੂੰ ਤਬਾਹ ਕਰ ਕੇ ਰੱਖ ਦਿੱਤਾ ਗਿਆ। ਇਸ ਸਰਕਾਰ ਤੋਂ ਹੱਕ ਮੰਗਦੇ ਮੁਲਾਜ਼ਮਾਂ, ਕਿਸਾਨਾਂ ਅਤੇ ਹੋਰ ਵਰਗ ਦੇ ਲੋਕਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਪਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਸਾਰੇ ਵਰਗਾਂ ਦੀ ਬਾਂਹ ਫੜੀ ਅਤੇ ਪੰਜਾਬ ਵਿਚ ਵੱਡੀ ਪੱਧਰ ’ਤੇ ਵਿਕਾਸ ਕਰਵਾਇਆ ਹੈ। ਸ: ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ 9000 ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਸੀ ਅਤੇ ਹੁਣ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਸਾਰ ਸਾਰੇ ਸਫ਼ਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਗਵਾਨ ਬਾਲਮੀਕ ਤੀਰਥ ਵਿਚ ਮੁੜ ਵੱਡੀ ਪੱਧਰ ’ਤੇ ਵਿਕਾਸ ਕੀਤਾ ਜਾਵੇਗਾ, ਗ਼ਰੀਬਾਂ ਨੂੰ ਹਰ ਮਹੀਨੇ 50 ਕਿੱਲੋ ਕਣਕ ਦਿੱਤੀ ਜਾਵੇਗੀ ਅਤੇ ਸ਼ਗਨ ਸਕੀਮ ਧੀਆਂ ਨੂੰ ਤਹਿਤ 1 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਸਫ਼ਾਈ ਸੇਵਕਾਂ ਦੇ ਹਰ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਖੜ੍ਹਾ ਹੈ। ‘ਆਪ’ ਸਰਕਾਰ ਵਲੋਂ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ. ਅਤੇ ਐਸ.ਐਚ.ਓ. ਨੂੰ ਸਸਪੈਂਡ ਦਾ ਸਿਰਫ਼ ਡਰਾਮਾ ਕੀਤਾ ਗਿਆ ਹੈ ਪਰ ਸਾਡੀ ਸਰਕਾਰ ਆਉਣ ’ਤੇ ਇਨ੍ਹਾਂ ਉੱਪਰ ਇਰਾਦਾ ਕਤਲ ਦਾ ਮੁਕੱਦਮਾ ਦਰਜ਼ ਕਰ ਕੇ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸੇ ਡੀ.ਐਸ.ਪੀ. ਵਲੋਂ ਨਗਰ ਨਿਗਮ ਚੋਣਾਂ ਸਮੇਂ ਬੂਥ ਕੈਪਚਰਿੰਗ ਕੀਤੀ ਗਈ ਸੀ ਅਤੇ ਵਿਰੋਧੀ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਤੇ ਸਮਰਥਕਾਂ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਸੀ। ਇਸ ਮੌਕੇ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਗੁਰਤੇਜ ਸਿੰਘ ਖੁੱਡੀ, ਬੀਰਇੰਦਰ ਸਿੰਘ ਜ਼ੈਲਦਾਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਸੀਨੀਅਰ ਆਗੂ ਜਥੇਦਾਰ ਜਰਨੈਲ ਸਿੰਘ ਭੋਤਨਾ, ਤਰਲੋਚਨ ਬਾਂਸਲ, ਰਣਦੀਪ ਸਿੰਘ ਢਿੱਲਵਾਂ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਬਾਜਵਾ, ਬੀਬੀ ਜਸਵਿੰਦਰ ਕੌਰ ਠੁੱਲੇਵਾਲ, ਟਿੰਕੂ ਖ਼ਾਨ, ਸੁਖਵੀਰ ਸਿੰਘ ਸੋਖੀ, ਚਰਨਜੀਤ ਸਿੰਘ ਭਾਰੀ, ਸੁਖਪਾਲ ਸਿੰਘ ਰੁਪਾਣਾ ਆਦਿ ਵੀ ਹਾਜ਼ਰ ਸਨ।