09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਿਰੋਧੀ ਰਾਜਨੀਤਿਕ ਪਾਰਟੀਆਂ ਵਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਘੇਰਨ ਲਈ ਸਿਆਸਤ ਦਾ ਕੇਂਦਰ ਬਿੰਦੂ ਬਣਿਆ ਬਰਨਾਲਾ

Ad Position 21
No active advertisement
ਅਜੀਤ ਡੈਸਕ 28-07-2026
ਬਰਨਾਲਾ, 27 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਜ਼ਿਲ੍ਹਾ ਜਿਸ ਨੂੰ ਆਮ ਆਦਮੀ ਪਾਰਟੀ ਦਾ ਮਜ਼ਬੂਤ ਗੜ੍ਹ ਮੰਨਿਆ ਜਾਂਦਾ ਹੈ, ਇਸ ਵੇਲੇ ਰਾਜਨੀਤਕ ਹਲਚਲ ਦਾ ਮੁੱਖ ਕੇਂਦਰ ਬਣਿਆ ਹੋਇਆ ਹੈ। ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਵਿਰੋਧੀ ਰਾਜਨੀਤਕ ਧਿਰਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਨੂੰ ਉਸ ਦੇ ਆਪਣੇ ਹੀ ਗੜ੍ਹ ਵਿਚ ਘੇਰਨ ਲਈ ਸਾਰੀਆਂ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਵੱਡੇ ਆਗੂਆਂ ਨੇ ਬਰਨਾਲਾ ਵਿਚ ਪਹੁੰਚ ਕੇ ਆਪਣੀ ਆਵਾਜ਼ ਬੁਲੰਦ ਕੀਤੀ ਹੈ ਅਤੇ ਉਹ ਸਫ਼ਾਈ ਸੇਵਕਾਂ ਦੇ ਸਮਰਥਨ ਵਿਚ ਨਿੱਤਰੇ ਹਨ। ਜਿਨ੍ਹਾਂ ਵਿਚ ਕਾਂਗਰਸ ਪਾਰਟੀ ਵਲੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਵੱਡੇ ਆਗੂਆਂ ਨੇ ਸਫ਼ਾਈ ਸੇਵਕਾਂ ਦੇ ਧਰਨੇ ਵਿਚ ਪਹੁੰਚ ਕੇ ਸਰਕਾਰ ’ਤੇ ਆਮ ਲੋਕਾਂ ਦੇ ਅਧਿਕਾਰਾਂ ਨੂੰ ਦਬਾਉਣ ਦੇ ਦੋਸ਼ ਲਾਏ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਵੀ ਪੀੜਤਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸਫ਼ਾਈ ਸੇਵਕਾਂ ਦੇ ਹੱਕ ਵਿਚ ਆਵਾਜ਼ ਚੁੱਕੀ ਹੈ। ਸੂਬੇ ਵਿਚ ਵੱਡੀ ਪੱਧਰ ’ਤੇ ਸਫ਼ਾਈ ਸੇਵਕਾਂ ਤੇ ਬਾਲਮੀਕ ਭਾਈਚਾਰੇ ਦੇ ਰੋਸ ਅਤੇ ਵਿਰੋਧੀ ਧਿਰਾਂ ਦੇ ਦਬਾਅ ਤੋਂ ਬਾਅਦ ਭਾਵੇਂਕਿ ਪੰਜਾਬ ਸਰਕਾਰ ਵਲੋਂ ਡੀ.ਐਸ.ਪੀ. ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਅਤੇ ਐਸ.ਐਚ.ਓ. ਲਖਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਪਰ ਵਿਰੋਧੀ ਧਿਰਾਂ ਸਰਕਾਰ ਦੀ ਇਸ ਕਾਰਵਾਈ ਨੂੰ ਮਹਿਜ਼ ‘ਅੱਖਾਂ ’ਚ ਘੱਟਾ ਪਾਉਣਾ’ ਦੱਸ ਰਹੀਆਂ ਹਨ। ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਬਿਨਾਂ ਕਿਸੇ ਸ਼ਰਤ ਮੰਨਿਆ ਜਾਵੇ। ਲਾਠੀਚਾਰਜ ਕਰਨ ਅਤੇ ਇਸ ਦੇ ਹੁਕਮ ਦੇਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ। ਆਮ ਆਦਮੀ ਪਾਰਟੀ ਦੇ ਗੜ੍ਹ ਵਿਚ ਵਿਰੋਧੀ ਧਿਰਾਂ ਲਈ ਸਫ਼ਾਈ ਸੇਵਕਾਂ ਉੱਪਰ ਲਾਠੀਚਾਰਜ ਦਾ ਮੁੱਦਾ ਲੋਕ-ਪੱਖੀ ਨੀਤੀਆਂ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਨ ਦਾ ਵੱਡਾ ਹਥਿਆਰ ਬਣ ਗਿਆ ਹੈ। ਵਿਰੋਧੀ ਧਿਰਾਂ ਇਸ ਮੌਕੇ ’ਚੋਂ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀਆਂ ਅਤੇ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਰਾਜ ਪੱਧਰੀ ਮੁੱਦਾ ਬਣਾ ਕੇ ‘ਆਪ’ ਸਰਕਾਰ ਨੂੰ ਚਾਰੇ ਪਾਸਿਓਂ ਘੇਰਨ ਦੀ ਰਣਨੀਤੀ ’ਤੇ ਕੰਮ ਕਰ ਰਹੀਆਂ ਹਨ। ਭਾਵੇਂਕਿ ਸ਼ਹਿਰ ਵਿਚੋਂ ਕੂੜਾ ਚੁੱਕਣ ਦੀ ਕਾਰਵਾਈ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਸੱਤਾਧਾਰੀ ਧਿਰ ਦੇ ਆਗੂ ਸਫ਼ਾਈ ਸੇਵਕਾਂ ਨਾਲ ਪਹਿਲਾਂ ਗੱਲ ਕਰ ਕੇ ਅਤੇ ਮਾਨਯੋਗ ਹਾਈਕੋਰਟ ਦੇ ਹੁਕਮਾਂ ਦਾ ਹਵਾਲਾ ਦੇ ਕੇ ਸੂਝਬੂਝ ਨਾਲ ਵੀ ਹੱਲ ਕਰ ਸਕਦੇ ਸਨ ਪਰ ਸ਼ਾਇਦ ਕਿਸੇ ਵੀ ‘ਆਪ’ ਆਗੂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਡੇ ਅਧਿਕਾਰੀ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਅਤੇ ਸ਼ਹਿਰ ਵਿਚੋਂ ਕੂੜਾ ਚੁੱਕਣ ਲਈ ਪੁਲਿਸ ਬਲ ਦਾ ਇਸਤੇਮਾਲ ਕੀਤਾ ਗਿਆ। ਪੁਲਿਸ ਬਲ ਦੌਰਾਨ ਸਫ਼ਾਈ ਸੇਵਕ ਪੁਰਸ਼ਾਂ ਸਮੇਤ ਔਰਤਾਂ ਨੂੰ ਵੀ ਬੁਰੀ ਤਰ੍ਹਾਂ ਕੁੱਟਣ ਨਾਲ ਹੁਣ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਗਲੇ ਦੀ ਹੱਡੀ ਬਣ ਗਿਆ ਹੈ। ਇਸ ਲਈ ਜੇਕਰ ਸਰਕਾਰ ਨੇ ਇਸ ਮੁੱਦੇ ਨੂੰ ਸ਼ਾਂਤ ਕਰਨ ਲਈ ਕੋਈ ਠੋਸ ਕਾਰਵਾਈ ਨਾ ਕੀਤੀ ਅਤੇ ਸਫ਼ਾਈ ਸੇਵਕਾਂ ਦੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਕਾਫ਼ੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹੜਤਾਲ ਕਾਰਨ ਆਮ ਆਦਮੀ ਕਲੀਨਿਕ ਬੰਦ, ਮਰੀਜ਼ ਨਿਰਾਸ਼ ਹੋ ਕੇ ਵਾਪਸ ਮੁੜੇ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਸ਼ਤਰੰਜ ਕੋਚ ਅੰਕੁਰ ਨੇ ਚੰਡੀਗੜ੍ਹ ਸ਼ਤਰੰਜ ਚੈਂਪੀਅਨਸ਼ਿਪ 2026 ਵਿਚ ਸੋਨ ਤਗਮਾ ਜਿੱਤਿਆ
Ad Position 24